#PUNJAB

ਮੋਹਾਲੀ ਅਦਾਲਤ ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦਾ 3 ਰੋਜ਼ਾ ਪੁਲਿਸ ਰਿਮਾਂਡ

ਮੁਹਾਲੀ, 8 ਫਰਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿਚ ਹੋਏ ਵੱਖੋ-ਵੱਖ ਘਪਲਿਆਂ ਬਾਰੇ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਸਾਬਕਾ ਮੰਤਰੀ ‘ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ। ਵਿਜੀਲੈਂਸ ਅਨੁਸਾਰ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਜਾਂਚ ਚੱਲ ਰਹੀ ਸੀ। ਜਾਂਚ ਏਜੰਸੀ ਨੇ ਮੁੱਢਲੀ ਤਫਤੀਸ਼ ਤੋਂ ਬਾਅਦ ਸਾਬਕਾ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਮੁਹਾਲੀ ਸਥਿਤ ਵਿਜੀਲੈਂਸ ਥਾਣੇ ਵਿਚ ਨਵਾਂ ਮੁਕੱਦਮਾ ਦਰਜ ਕਰਕੇ ਉਸ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ, ਜੋ 6 ਕਰੋੜ 39 ਲੱਖ 18 ਹਜ਼ਾਰ 292 ਰੁਪਏ ਵੱਧ ਸੀ। ਭਾਵ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਵਿਜੀਲੈਂਸ ਵੱਲੋਂ ਕਾਂਗਰਸ ਦਾ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੇ ਖਿਲਾਫ ਸਰੋਤਾਂ ਤੋਂ ਜ਼ਿਆਦਾ ਮਾਮਲਿਆਂ ਦੀ ਜਾਂਚ ਵਿੱਢੀ ਹੋਈ ਹੈ। ਆਉਂਦੇ ਦਿਨਾਂ ਦੌਰਾਨ ਹੋਰਾਂ ਕਾਂਗਰਸੀ ਆਗੂਆਂ ਦੀ ਵੀ ਗ੍ਰਿਫ਼ਤਾਰੀ ਸੰਭਵ ਹੈ। ਇਸ ਸਬੰਧੀ ਜਦੋਂ ਧਰਮਸੋਤ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਅਗਾਊਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਸਰਕਾਰ ਦੇ ਇਸ਼ਾਰੇ ‘ਤੇ ਸਾਰਾ ਕੁਝ ਕੀਤਾ ਜਾ ਰਿਹਾ ਹੈ, ਜਦੋਂਕਿ ਧਰਮਸੋਤ ਨੂੰ ਗ੍ਰਿਫ਼ਤਾਰ ਕਰਕੇ ਪਹਿਲਾਂ ਵੀ ਪੁਲਿਸ ਰਿਮਾਂਡ ਹਾਸਲ ਕਰ ਕੇ ਵਿਜੀਲੈਂਸ ਪੁੱਛ-ਗਿੱਛ ਕਰ ਚੁੱਕੀ ਹੈ।

Leave a comment