ਨਿਊਯਾਰਕ, 7 ਫਰਵਰੀ (ਪੰਜਾਬ ਮੇਲ)- ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਵਿੱਤੀ ਸਾਲ 2026 ਲਈ ਭਾਰਤੀ ਆਈ.ਟੀ. ਪੇਸ਼ੇਵਰਾਂ ਦਰਮਿਆਨ ਸਭ ਤੋਂ ਵੱਧ ਮੰਗ ਵਾਲੇ ਐੱਚ-1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਅਨੁਸਾਰ ਬਿਨੈਕਾਰ 7 ਮਾਰਚ ਤੋਂ 24 ਮਾਰਚ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਰਜਿਸਟ੍ਰੇਸ਼ਨ ਫੀਸ 215 ਅਮਰੀਕੀ ਡਾਲਰ ਹੋਵੇਗੀ।
ਐੱਚ-1ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ ਨੌਕਰੀ ‘ਤੇ ਰੱਖਣ ਦੀ ਆਗਿਆ ਦਿੰਦਾ ਹੈ, ਜਿਸ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਇਸ ਵੀਜ਼ਾ ਰਾਹੀਂ, ਅਮਰੀਕੀ ਤਕਨਾਲੋਜੀ ਕੰਪਨੀਆਂ ਹਰ ਸਾਲ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ ‘ਤੇ ਨਿਰਭਰ ਕਰਦੀਆਂ ਹਨ। ਹਰ ਸਾਲ ਲਗਭਗ 6.5 ਲੱਖ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ ਐੱਚ-1ਬੀ ਵੀਜ਼ਾ ਰਾਹੀਂ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿਚ ਭਾਰਤੀ ਨਾਗਰਿਕ ਸ਼ਾਮਲ ਹਨ।
ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਅਰਜ਼ੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਧੋਖਾਧੜੀ ਨੂੰ ਰੋਕਣ ਲਈ ਕੁਝ ਨਵੇਂ ਪ੍ਰਬੰਧ ਕੀਤੇ ਹਨ। ਜਿਹੜੇ ਲੋਕ ਐੱਚ-1ਬੀ ਵੀਜ਼ਾ ਲਈ ਅਰਜ਼ੀ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ ਯੂ.ਐੱਸ.ਸੀ.ਆਈ.ਐੱਸ. ਦੀ ਅਧਿਕਾਰਤ ਵੈੱਬਸਾਈਟ ‘ਤੇ ਇੱਕ ਆਨਲਾਈਨ ਖਾਤਾ ਬਣਾਉਣਾ ਪਵੇਗਾ। ਇਸੇ ਅਕਾਊਂਟ ਰਾਹੀਂ ਹਰੇਕ ਲਾਭਪਾਤਰੀ ਲਈ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਲਾਭਪਾਤਰੀ ਉਹ ਵਿਅਕਤੀ ਹੁੰਦਾ ਹੈ, ਜਿਸ ਲਈ ਵੀਜ਼ਾ ਅਪਲਾਈ ਕੀਤਾ ਜਾ ਰਿਹਾ ਹੈ। ਹਰੇਕ ਲਾਭਪਾਤਰੀ ਲਈ ਨਿਰਧਾਰਤ ਰਜਿਸਟ੍ਰੇਸ਼ਨ ਫੀਸ ਆਨਲਾਈਨ ਅਦਾ ਕਰਨਾ ਲਾਜ਼ਮੀ ਹੋਵੇਗਾ। ਜੇਕਰ ਤੁਸੀਂ ਪਹਿਲਾਂ ਕਦੇ ਵੀ ਐੱਚ-1ਬੀ ਵੀਜ਼ਾ ਲਈ ਰਜਿਸਟਰ ਨਹੀਂ ਕੀਤਾ ਹੈ, ਤਾਂ ਤੁਹਾਨੂੰ ਇੱਕ ਨਵਾਂ ਆਨਲਾਈਨ ਖਾਤਾ ਬਣਾਉਣ ਦੀ ਲੋੜ ਹੋਵੇਗੀ।
ਯੂ.ਐੱਸ.ਸੀ.ਆਈ.ਐੱਸ. ਵੱਲੋਂ ਐੱਚ-1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਦਾ ਐਲਾਨ
![](https://punjabmailusa.com/wp-content/uploads/2023/02/h1b-Visa.jpg)