ਚੰਡੀਗੜ੍ਹ, 28 ਮਈ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਅਕਤੂਬਰ 2021 ਵਿਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਉਣ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਡੇਰਾ ਮੁਖੀ ਨੇ ਕੇਂਦਰੀ ਜਾਂਚ ਬਿਊਰੋ ਅਤੇ ਹੋਰ ਪ੍ਰਤੀਵਾਦੀਆਂ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ। ਰਣਜੀਤ ਸਿੰਘ ਨੂੰ 10 ਜੁਲਾਈ, 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।