ਮਾਸਕੋ, 21 ਅਕਤੂਬਰ (ਪੰਜਾਬ ਮੇਲ)- ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਰੂਸ ਦਾ ਮੰਨਣਾ ਹੈ ਕਿ ਭਾਰਤ, ਬ੍ਰਾਜ਼ੀਲ ਅਤੇ ਅਫਰੀਕੀ ਦੇਸ਼ਾਂ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਸਥਾਈ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਲਾਵਰੋਵ ਨੇ ਕਿਹਾ ਕਿ ਭਾਰਤ, ਬ੍ਰਾਜ਼ੀਲ ਦੇ ਨਾਲ-ਨਾਲ ਅਫਰੀਕੀ ਦੇਸ਼ਾਂ ਨੂੰ ਸੁਰੱਖਿਆ ਪ੍ਰੀਸ਼ਦ ‘ਚ ਸਥਈ ਨੁਮਾਇੰਦਗੀ ਕਾਫੀ ਸਮਾਂ ਪਹਿਲਾਂ ਮਿਲ ਜਾਣੀ ਚਾਹੀਦੀ ਸੀ। ਇਨ੍ਹਾਂ ਦੇਸ਼ਾਂ ‘ਚ ਦੁਨੀਆਂ ਦੀ ਵੱਡੀ ਆਬਾਦੀ ਰਹਿੰਦੀ ਹੈ, ਜਿਨ੍ਹਾਂ ਦੀ ਨੁਮਾਇੰਦਗੀ ਯਕੀਨੀ ਬਣਾਉਣਾ ਜ਼ਰੂਰੀ ਹੈ।
ਭਾਰਤ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਅਤੇ ਗੈਰ-ਸਥਾਈ ਮੈਂਬਰਾਂ ਦੀ ਗਿਣਤੀ ਵਧਾਉਣ ਸਮੇਤ ਵੱਖ-ਵੱਖ ਸੁਧਾਰਾਂ ਲਈ ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਵਿਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਦਾ ਕਹਿਣਾ ਹੈ ਕਿ 1945 ਵਿਚ ਸਥਾਪਿਤ 15 ਦੇਸ਼ਾਂ ਦੀ ਸੁਰੱਖਿਆ ਪ੍ਰੀਸ਼ਦ 21ਵੀਂ ਸਦੀ ਦੇ ਉਦੇਸ਼ਾਂ ਲਈ ਅਨੁਕੂਲ ਨਹੀਂ ਹੈ ਅਤੇ ਸਮਕਾਲੀ ਭੂ-ਸਿਆਸੀ ਹਕੀਕਤਾਂ ਨੂੰ ਦਰਸਾਉਂਦੀ ਨਹੀਂ ਹੈ। ਭਾਰਤ ਦਾ ਕਹਿਣਾ ਹੈ ਕਿ ਉਹ ਵੀ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਦਾ ਹੱਕਦਾਰ ਹੈ। ਪਿਛਲੇ ਮਹੀਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਵਿਚ ਸਥਾਈ ਮੈਂਬਰਸ਼ਿਪ ਲਈ ਭਾਰਤ ਦੇ ਦਾਅਵੇ ਦਾ ਸਮਰਥਨ ਕੀਤਾ ਸੀ।