#PUNJAB

ਰੋਪੜ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਹਿਮਾਚਲ ਦੇ ਵਾਹਨਾਂ ‘ਤੇ ਜਵਾਬੀ ਐਂਟਰੀ ਟੈਕਸ ਲਗਾਉਣ ਦਾ ਮਤਾ ਪਾਸ

ਪੰਜਾਬ ਸਰਕਾਰ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ ਮਤਾ
ਰੋਪੜ, 21 ਜੁਲਾਈ (ਪੰਜਾਬ ਮੇਲ)- ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਸੋਮਵਾਰ ਨੂੰ ਇੱਕ ਮਤਾ ਪਾਸ ਕਰਕੇ ਗੁਆਂਢੀ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ‘ਤੇ ਐਂਟਰੀ ਟੈਕਸ ਲਗਾਉਣ ਦੀ ਮੰਗ ਕੀਤੀ ਹੈ।
ਇਹ ਮਤਾ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਦੌਰਾਨ ਰੋਪੜ ਤੋਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੇਸ਼ ਕੀਤਾ ਗਿਆ, ਜੋ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵੀ ਹਨ। ਇਸ ਪ੍ਰਸਤਾਵ ਨੂੰ ‘ਪੰਜਾਬ ਪੰਚਾਇਤੀ ਰਾਜ ਐਕਟ’ ਦੇ ਪ੍ਰਬੰਧਾਂ ਤਹਿਤ ਮਨਜ਼ੂਰੀ ਲਈ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ।
ਚੱਢਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਨੂੰ ‘ਪੰਜਾਬ ਪੰਚਾਇਤੀ ਰਾਜ ਐਕਟ’ ਦੀ ਧਾਰਾ 189 ਤਹਿਤ ਟੈਕਸ ਅਤੇ ਫ਼ੀਸਾਂ ਲਗਾਉਣ ਦਾ ਅਧਿਕਾਰ ਹੈ। ਪ੍ਰਸਤਾਵਿਤ ਟੈਕਸ ਦਾ ਮਕਸਦ ਉਨ੍ਹਾਂ ਪੇਂਡੂ ਸੜਕਾਂ ਦੇ ਰੱਖ-ਰਖਾਅ ਲਈ ਫੰਡ ਜੁਟਾਉਣਾ ਹੈ, ਜਿਨ੍ਹਾਂ ਦੀ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਦੁਆਰਾ ਵੱਡੇ ਪੱਧਰ ‘ਤੇ ਵਰਤੋਂ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਰੋਪੜ ਜ਼ਿਲ੍ਹੇ ਦੇ ਪੇਂਡੂ ਸੜਕੀ ਨੈੱਟਵਰਕ ‘ਤੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਪਾਰਕ (ਕਮਰਸ਼ੀਅਲ) ਵਾਹਨਾਂ ਅਤੇ ਹੋਰ ਆਵਾਜਾਈ ਦਾ ਭਾਰੀ ਬੋਝ ਹੈ। ਇਸ ਨਾਲ ਪਿੰਡਾਂ ਦੀਆਂ ਸੜਕਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਚੱਢਾ ਨੇ ਕਿਹਾ ਕਿ ਪ੍ਰਸਤਾਵਿਤ ਟੈਕਸ ਰਾਹੀਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਪੇਂਡੂ ਸੜਕਾਂ ਦੇ ਸੁਧਾਰ ਅਤੇ ਰੱਖ-ਰਖਾਅ ਲਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਸਤਾਵ ਵਿਚ ਜਵਾਬੀ ਟੈਕਸ ਦੀ ਮੰਗ ਕੀਤੀ ਗਈ ਹੈ, ਜਿਸ ਤਹਿਤ ਰੋਪੜ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ ਹਿਮਾਚਲ ਪ੍ਰਦੇਸ਼ ਦੇ ਵਾਹਨਾਂ ਤੋਂ ਓਨਾ ਹੀ ਟੈਕਸ ਲਿਆ ਜਾਵੇਗਾ, ਜਿੰਨਾ ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੇ ਵਾਹਨਾਂ ‘ਤੇ ਲਗਾਇਆ ਜਾਂਦਾ ਹੈ।