ਨਵੀਂ ਦਿੱਲੀ, 23 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਦਿੱਲੀ ਜਾਂ ਲਖਨਊ ਵਿਚ ਹੀ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ‘ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਇਸ ‘ਮੰਦਭਾਗੀ ਤੇ ਭਿਆਨਕ ਘਟਨਾ’ ਨਾਲ ਜੁੜੇ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉੱਜਲ ਭੂਯਾਨ ਨੇ ਚਾਰ ਕਿਸਾਨਾਂ ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਚਿੱਤਰ ਸਿੰਘ ਨੂੰ ਵੀ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਹੇਠਲੀ ਅਦਾਲਤ ਨੂੰ ਮਾਮਲੇ ਦੀ ਸੁਣਵਾਈ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਬੈਂਚ ਨੇ ਕਿਹਾ, ”ਸਾਰੇ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਅੰਤ੍ਰਿਮ ਆਦੇਸ਼ ਨੂੰ ਆਖ਼ਰੀ ਆਦੇਸ਼ ਕੀਤਾ ਜਾਂਦਾ ਹੈ। ਸਾਨੂੰ ਲੱਗਦਾ ਹੈ ਕਿ ਮੁਕੱਦਮੇ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ ਦੀ ਲੋੜ ਹੈ।”