#PUNJAB

ਲਾਪਤਾ ਸਰੂਪ ਮਾਮਲਾ : ਅੰਤ੍ਰਿੰਗ ਕਮੇਟੀ ਵੱਲੋਂ ਸਰਕਾਰ ਦੀ ਕਾਰਵਾਈ ਧਾਰਮਿਕ ਮਾਮਲਿਆਂ ਵਿਚ ਦਖਲ ਕਰਾਰ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਮੇਲ)-ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦਰਜ ਕੀਤੇ ਪੁਲਿਸ ਕੇਸ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ।
ਇਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਅਤੇ ਮਾਮਲੇ ਨੂੰ ਵਿਚਾਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਇਸ ਮਾਮਲੇ ਨੂੰ ਵਿਚਾਰਿਆ ਗਿਆ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ।
ਧਾਮੀ ਨੇ ਆਖਿਆ ਕਿ ਇਹ ਮਾਮਲਾ ਪਾਵਨ ਸਰੂਪਾਂ ਦੀ ਬੇਅਦਬੀ ਦਾ ਨਹੀਂ ਸਗੋਂ ਹੇਰਾਫੇਰੀ ਨਾਲ ਸੰਬੰਧਿਤ ਹੈ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਇਕ ਮੈਂਬਰੀ ਜਾਂਚ ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਵਿਚ 16 ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਉਨ੍ਹਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੇ ਮੁਤਾਬਕ ਕਾਰਵਾਈ ਵੀ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੀ ਇਸ ਕਾਰਵਾਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਦਾ ਸਮੁੱਚਾ ਰਿਕਾਰਡ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਜਾਵੇਗਾ। ਇਸ ਮਾਮਲੇ ਚ ਅਗਲੇ ਦੀ ਕਾਰਵਾਈ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਹੀ ਹੋਵੇਗੀ।
ਐਡ. ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਅਣਡਿੱਠ ਕਰਕੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। ਇਸ ਮਾਮਲੇ ਵਿਚ ਇਕ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਲਿਸ ਕੇਸ ਦਰਜ ਕਰਵਾਉਣ ਬਾਰੇ ਵਿਚਾਰ ਕੀਤਾ ਗਿਆ ਸੀ ਪਰ ਸਿੱਖ ਵਿਦਵਾਨਾਂ ਨੇ ਅਜਿਹੀ ਕਾਰਵਾਈ ਕਰਨ ਤੋਂ ਮਨ੍ਹਾ ਕੀਤਾ ਸੀ, ਸ੍ਰੀ ਅਕਾਲ ਤਖ਼ਤ ਵੱਲੋਂ ਵੀ ਇਸ ਸਬੰਧੀ ਕੋਈ ਹੁਕਮ ਨਹੀਂ ਦਿੱਤੇ ਗਏ ਸਨ।
ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਸਿੱਖ ਜਥੇਬੰਦੀ ਸਿੱਖ ਸਦਭਾਵਨਾ ਦਲ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਹੈਰੀਟੇਜ ਸਟ੍ਰੀਟ ਵਿਚ ਧਰਨਾ ਲਾਇਆ ਹੋਇਆ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸੇ ਤਹਿਤ ਹੀ ਬੀਤੇ ਦਿਨ ਮਹਾ-ਪੰਚਾਇਤ ਕੀਤੀ ਗਈ ਸੀ, ਜਿਸ ਵਿਚ ਸਰਕਾਰ ਦੇ ਪ੍ਰਤਿਨਿਧ ਵਜੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੀ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਦੀ ਮੰਗ ਤੇ ਇਸ ਮਾਮਲੇ ਵਿਚ ਪੁਲਿਸ ਕੇਸ ਦਰਜ ਕਰਨ ਦੀ ਹਦਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ 16 –ਵਿਅਕਤੀਆਂ ਨੂੰ ਨਾਮਜ਼ਦ ਕੀਤਾ ਅਤੇ ਪੁਲਿਸ ਕੇਸ ਦਰਜ ਕੀਤਾ।