#PUNJAB

ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਚੋਣ ਲੜਨ ਨਾ ਲੜਨ ਦਾ ਐਲਾਨ

ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਤੋਂ ‘ਆਪ’ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਪਰਿਵਾਰ ਰਾਹੀਂ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਪੋਸਟ ਸਾਂਝੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੱਟੀ ਹਲਕੇ ਦੇ ਲੋਕ ਉਨ੍ਹਾਂ ਨੂੰ ਮੁੜ ਚੋਣ ਮੈਦਾਨ ‘ਚ ਉਤਾਰਨ ਦੀ ਅਪੀਲ ਕਰ ਰਹੇ ਸਨ ਪਰ ਉਹ ਚੋਣ ਨਹੀਂ ਲੜੇਗਾ। ਜ਼ਿਕਰਯੋਗ ਹੈ ਕਿ ਲਾਲਜੀਤ ਭੁੱਲਰ ਮੌਜੂਦਾ ਸਮੇਂ ਅੰਮ੍ਰਿਤਸਰ ‘ਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ‘ਚ ਜੇਲ੍ਹ ਵਿਚ ਬੰਦ ਹੈ। ‘ਆਪ’ ਨੇ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਸੀ।
ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮਾਰਚ ‘ਚ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ ਸੀ। ਰੰਧਾਵਾ ਨੇ ਮੌਤ ਤੋਂ ਪਹਿਲਾਂ ਵੀਡੀਓ ਸੁਨੇਹਾ ਰਿਕਾਰਡ ਕਰਦਿਆਂ ਭੁੱਲਰ ‘ਤੇ ਵੇਅਰਹਾਊਸ ਉਸਾਰੀ ਟੈਂਡਰਾਂ ਦੀ ਅਲਾਟਮੈਂਟ ਸਬੰਧੀ ਕਥਿਤ ਤੌਰ ‘ਤੇ ਖੱਜਲ-ਖ਼ੁਆਰੀ ਅਤੇ ਦਬਾਅ ਪਾਉਣ ਦੇ ਦੋਸ਼ ਲਾਏ ਸਨ। ਇਸ ਘਟਨਾ ਤੋਂ ਬਾਅਦ ਲਾਲਜੀਤ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਗਿਆ ਸੀ। ਅੰਮ੍ਰਿਤਸਰ ਪੁਲਿਸ ਨੇ ਬਾਅਦ ‘ਚ ਰੰਧਾਵਾ ਦੀ ਪਤਨੀ ਦੀ ਸ਼ਿਕਾਇਤ ‘ਤੇ ਭੁੱਲਰ, ਉਸ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਨੇ ਲਾਲਜੀਤ ਭੁੱਲਰ ਨੂੰ ਮਾਰਚ ‘ਚ ਹੀ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।