#Featured

ਲੋਕ ਸਭਾ ਚੋਣਾਂ; ਵੋਟਰਾਂ ਨੂੰ Vote ਪਾਉਣ ਲਈ ਸਹੂਲਤਾਂ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ: ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 13 ਅਪ੍ਰੈਲ (ਪੰਜਾਬ ਮੇਲ)-ਜਲੰਧਰ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਦੌਰਾਨ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਸਾਰੀਆਂ ਸਹੂਲਤਾਂ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ 85 ਤੋਂ ਵੱਧ ਉਮਰ ਦੇ ਨਾਗਰਿਕਾਂ ਲਈ ਵੋਟਿੰਗ ਦੇ ਉਚਿਤ ਪ੍ਰਬੰਧ ਕੀਤੇ ਜਾਣ, ਤਾਂ ਕਿ ਉਨ੍ਹਾਂ ਨੂੰ ਵੋਟ ਪਾਉਣ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਵਿਚ 70 ਫ਼ੀਸਦੀ ਵੋਟਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਉਨ੍ਹਾਂ ਇਲਾਕਿਆਂ ਵਿਚ ਵੱਧ ਤੋਂ ਵੱਧ ਸਵੀਪ ਸਰਗਰਮੀਆਂ ਕਰਵਾਈਆਂ ਜਾਣ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਹੋਈ ਸੀ, ਤਾਂ ਜੋ ਲੋਕਾਂ ਨੂੰ ਨੈਤਿਕ ਵੋਟਿੰਗ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਕੇ ਲੋਕਤੰਤਰਿਕ ਪ੍ਰਕਿਰਿਆ ਵਿਚ ਬਹੁਮੁੱਲਾ ਯੋਗਦਾਨ ਪਾਇਆ ਜਾ ਸਕੇ। ਜਲੰਧਰ ਵਿਚ 18 ਤੋਂ 19 ਸਾਲ ਦੀ ਉਮਰ ਦੇ 40 ਹਜ਼ਾਰ ਨੌਜਵਾਨ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਿੰਗ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼, ਵਾਲੰਟੀਅਰਾਂ, ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ, ਸੈਲਫ਼ ਸਹਾਇਤਾ ਸਮੂਹਾਂ, ਨਹਿਰੂ ਯੁਵਾ ਕੇਂਦਰਾਂ, ਸਮਾਜ-ਸੇਵੀ ਸੰਸਥਾਵਾਂ ਆਦਿ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਵ੍ਹੀਲਚੇਅਰਾਂ ਅਤੇ ਰੈਂਪ ਆਦਿ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹਰੇਕ ਪੋਲਿੰਗ ਬੂਥ ‘ਤੇ ਰੈਂਪ ਅਤੇ ਵ੍ਹੀਲਚੇਅਰ ਦਾ ਪ੍ਰਬੰਧ ਕੀਤਾ ਜਾਵੇ। ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ, ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਹਾਜ਼ਰ ਸਨ।