#PUNJAB

ਵਿਆਹ ਸਮਾਗਮ ਵਿਚ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਲਖਬੀਰ ਲੰਡਾ ਗਰੋਹ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ  ਲਈ ਕਤਲ ਦੀ ਜ਼ਿੰਮੇਵਾਰੀ 
-ਡੀ.ਐੱਸ.ਪੀ. ਪੱਟੀ ਅਤੇ ਐੱਸ.ਐੱਚ.ਓ. ਸਰਹਾਲੀ ਮੁਅੱਤਲ
ਤਰਨ ਤਾਰਨ, 19 ਫਰਵਰੀ (ਪੰਜਾਬ ਮੇਲ)- ਤਰਨ ਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਬਰਿੰਦਰ ਸਿੰਘ ਦੇ ਕਤਲ ਤੋਂ ਇੱਕ ਦਿਨ ਬਾਅਦ ਲਖਬੀਰ ਲੰਡਾ ਗਰੋਹ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਰਬਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਇੱਕ ਵਿਆਹ ਸਮਾਗਮ ਦੌਰਾਨ ਦੋ ਹਮਲਾਵਰਾਂ ਨੇ ਬਹੁਤ ਨੇੜਿਓਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪੁਲਿਸ ਮੁਤਾਬਕ ਇਸ ਵਾਰਦਾਤ ਵਿਚ ਏਕੇ-47 ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਦੱਸਣਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਵਲਟੋਹਾ ਦੇ ਇੱਕ ਹੋਰ ‘ਆਪ’ ਸਰਪੰਚ ਝਰਮਲ ਸਿੰਘ ਦਾ ਵੀ ਇੱਕ ਵਿਆਹ ਦੌਰਾਨ ਕਤਲ ਕਰ ਦਿੱਤਾ ਗਿਆ ਸੀ।
ਤਰਨ ਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਦੀ ਜਾਂਚ ਵਿਚ ਫਿਰੌਤੀ ਜਾਂ ਧਮਕੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਸਗੋਂ ਇਹ ਕਤਲ ਪੁਰਾਣੀ ਰੰਜਿਸ਼ ਜਾਂ ਬਦਲੇ ਦੀ ਭਾਵਨਾ ਨਾਲ ਜੁੜਿਆ ਹੋ ਸਕਦਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਗਰੋਹ ਦੀ ਪੋਸਟ ਦੀ ਵੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਪੱਟੀ ਦੇ ਡੀ.ਐੱਸ.ਪੀ. ਜਗਬੀਰ ਸਿੰਘ ਅਤੇ ਸਰਹਾਲੀ ਦੇ ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੂੰ ਡਿਊਟੀ ਵਿਚ ਲਾਪ੍ਰਵਾਹੀ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਕਮੀ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਐੱਸ.ਐੱਸ.ਪੀ. ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ।