-ਨਵੀਂ ਦਿੱਲੀ ਵਿਚ ਲੋਕਮਤ ਕੌਮੀ ਸੰਮੇਲਨ ਨੂੰ ਸੰਬੋਧਨ ਕੀਤਾ
ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਭਾਜਪਾ ਦੇ ਬਜ਼ੁਰਗ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਅੱਜ ਕਿਹਾ ਕਿ ਜੇਕਰ ਸੰਸਦੀ ਕਮੇਟੀਆਂ ਆਪਣਾ ਕੰਮ ਸਾਰਥਕ ਢੰਗ ਨਾਲ ਨੇਪਰੇ ਨਹੀਂ ਚਾੜ੍ਹਦੀਆਂ ਤਾਂ ਸਰਕਾਰਾਂ ਨੂੰ ‘ਬੇਕਾਬੂ’ ਨਹੀਂ ਹੋਣਾ ਚਾਹੀਦਾ। ਇਥੇ ਲੋਕਮਤ ਕੌਮੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰਾਂ ਵੱਲੋਂ ਕੀਤੇ ਜਾਂਦੇ ਖਰਚਿਆਂ ‘ਤੇ ਨਜ਼ਰ ਰੱਖਣ। ਇਹ ਪੈਸਾ ਦੇਸ਼ ਵਾਸੀਆਂ ਤੋਂ ਵੱਖ-ਵੱਖ ਟੈਕਸਾਂ ਰਾਹੀਂ ਇਕੱਠਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਸਦ ਮੈਂਬਰ ਆਪਣੀਆਂ ਤਾਕਤਾਂ ਦਾ ਸਦਉਪਯੋਗ ਕਰਨ ਤਾਂ ਮੈਨੂੰ ਵਿਸ਼ਵਾਸ ਹੈ ਕਿ ਸਰਕਾਰਾਂ ਨੂੰ ਬੇਕਾਬੂ ਹੋਣ ਤੋਂ ਰੋਕਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ ਭਾਜਪਾ ਦੇ ਸਾਬਕਾ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਸਾਂਝਾ ਪ੍ਰਗਤੀਸ਼ੀਲ ਗੱਠਜੋੜ (ਯੂ.ਪੀ.ਏ.) ਸਰਕਾਰ ਦੌਰਾਨ ਉਹ ਪਬਲਿਕ ਲੇਖਾ ਕਮੇਟੀ ਦੇ ਚੇਅਰਮੈਨ ਵੀ ਸਨ।