ਸ਼੍ਰੀ ਮੁਕਤਸਰ ਸਾਹਿਬ, 9 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਫਹਿਰਿਸਤ ਏਨੀ ਵੱਡੀ ਹੈ ਕਿ ਇਸ ਨੂੰ ਵਰਨਣ ਕਰਨਾ ਵੀ ਨਾ ਮੁਮਕਿਨ ਹੈ। ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿਚ ਬਹੁਤ ਹੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਲੜੀ ਨੂੰ ਅੱਗੇ ਤੋਰਦੇ ਹੋਏ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵੀਹ ਹਜ਼ਾਰ ਦੇ ਕਰੀਬ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਘਰੇਲੂ ਹਾਲਾਤ ਠੀਕ ਨਾ ਹੋਣ ਕਾਰਨ ਕਈ ਵਾਰ ਡਾਕਟਰ ਦੀ ਲਿਖੀ ਹੋਈ ਦਵਾਈ ਖਰੀਦਣ ਤੋਂ ਅਸਮਰਥ ਲੋਕ ਦਵਾਈਆਂ ਨਾ ਖਰੀਦ ਕੇ ਆਪਣੀ ਸਿਹਤ ਹੋਰ ਵਿਗਾੜ ਲੈਂਦੇ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਅਜਿਹੀ ਸਥਿਤੀ ਵਿਚ ਇਨ੍ਹਾਂ ਲੋਕਾਂ ਦੀਆਂ ਡਾਕਟਰ ਦੀਆਂ ਦਵਾਈ ਦੀਆਂ ਪਰਚੀਆਂ ਡਾਕਟਰ ਓਬਰਾਏ ਕੋਲ ਭੇਜੀਆਂ ਜਾਂਦੀਆਂ ਹਨ, ਤਾਂ ਡਾਕਟਰ ਓਬਰਾਏ ਵਲੋਂ ਤੁਰੰਤ ਪ੍ਰਵਾਨਗੀ ਦੇਣ ਤੋਂ ਬਾਅਦ ਇਨ੍ਹਾਂ ਨੂੰ ਪੈਸੇ ਭੇਜੇ ਜਾਂਦੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਟੀਮ ਰਹੀ ਇਨ੍ਹਾਂ ਕੋਲ ਪਹੁੰਚਾਏ ਜਾਂਦੇ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਰਣਧੀਰ ਸਿੰਘ ਸਾਗੂ (ਕੈਨੇਡਾ ਵਾਲੇ), ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ, ਗੁਰਜੀਤ ਸਿੰਘ ਜੀਤਾ, ਲਵਲੀਨ ਕੌਰ ਸੰਧੂ ਸਰਹਾਲੀ ਕਲਾਂ, ਸੁਖਬੀਰ ਸਿੰਘ ਜੈਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ
