ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ, ਪੜ੍ਹਾਈ ਵਿਚ ਹੁਸ਼ਿਆਰ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਤਾਂ ਜੋ ਇਹ ਵਿਦਿਆਰਥੀ ਅਪਣਾ ਪੜ੍ਹਨ ਦਾ ਸੁਪਨਾ ਪੂਰਾ ਕਰ ਸਕਣ। ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਬਹੁਤ ਹੀ ਲੋੜਵੰਦ ਵਿਦਿਆਰਥਣ ਨੂੰ ਪੜ੍ਹਾਈ ਜਾਰੀ ਰੱਖਣ ਲਈ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਗੁਰਿੰਦਰ ਸਿੰਘ ਬਾਵਾ ਕੋਕੀ (ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ) ਦੀ ਹਾਜ਼ਰੀ ਵਿਚ ਦਿੱਤੀ ਗਈ। ਬਾਵਾ ਕੋਕੀ ਵੱਲੋਂ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਵਿਦਿਆਰਥਣ ਪੜ੍ਹਾਈ ਵਿਚ ਹੁਸ਼ਿਆਰ ਹੈ, ਪੜ੍ਹਾਈ ਜਾਰੀ ਰੱਖਣਾ ਚਾਹੁੰਦੀ ਹੈ ਪਰ ਘਰ ਦੇ ਹਾਲਾਤ ਇਸ ਦੀ ਇਜਾਜ਼ਤ ਨਹੀਂ ਦੇ ਰਹੇ ਸਨ, ਤਾਂ ਇਸ ਵਿਦਿਆਰਥਣ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਆਰਥਿਕ ਮਦਦ ਦੀ ਬੇਨਤੀ ਕੀਤੀ ਗਈ ਸੀ, ਤਾਂ ਡਾ. ਓਬਰਾਏ ਵਲੋਂ ਤੁਰੰਤ ਰਾਸ਼ੀ ਭੇਜੀ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਵਿਦਿਆਰਥਣ ਨੂੰ ਪਿਛਲੇ ਸਾਲ ਵੀ ਟਰੱਸਟ ਵੱਲੋਂ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਮਦਦ ਦਿੱਤੀ ਗਈ ਸੀ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ. ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਵੱਲੋਂ ਲੋੜਵੰਦ ਵਿਦਿਆਰਥਣ ਨੂੰ ਦਿੱਤੀ ਵਿੱਤੀ ਸਹਾਇਤਾ

