#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਪੱਧਰ ‘ਤੇ ਲਗਾਏਗਾ ਕਿਤਾਬਾਂ ਦਾ ਲੰਗਰ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਵੱਡੇ ਪੱਧਰ ‘ਤੇ ਗੁਰਦੁਆਰਾ ਸਾਹਿਬ ਵਿਚ, ਸਕੂਲਾਂ ਵਿਚ ਅਤੇ ਸਾਂਝੀ ਜਗ੍ਹਾ ਵਿਚ ਬਣੀਆਂ ਲਾਇਬ੍ਰੇਰੀਆਂ ‘ਚ ਵੱਡੀ ਗਿਣਤੀ ‘ਚ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਲੱਗ ਰਹੇ ਮੇਲਾ ਮਾਘੀ ‘ਤੇ ਨਤਮਸਤਕ ਹੋਣ ਆਈਆਂ ਸੰਗਤਾਂ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਨੰਬਰ 6 ਅਤੇ 7 ਦੇ ਵਿਚਕਾਰ, (ਨੇੜੇ ਨਿਹੰਗ ਸਿੰਘਾਂ ਦੀ ਛਾਉਣੀ) ਵਿਚ ਵੱਡੀ ਪੱਧਰ ‘ਤੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਿਤਾਬਾਂ ਦਾ ਲੰਗਰ ਲਗਾਇਆ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਕਿਤਾਬਾਂ ਦੇ ਲੰਗਰ ਵਿਚ ਧਾਰਮਿਕ, ਸਮਾਜਿਕ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ, ਪੁਰਾਣੇ ਸਿੱਖ ਇਤਿਹਾਸ ਸਬੰਧੀ ਅਤੇ ਵੱਖ-ਵੱਖ ਵਿਦਵਾਨਾਂ ਵੱਲੋਂ ਜੀਵਨ ਜਿਊਣ ਲਈ ਦਿੱਤੇ ਸੁਝਾਅ ਸਬੰਧੀ ਕਿਤਾਬਾਂ ਮੁਫ਼ਤ ਦਿੱਤੀਆਂ ਜਾਣਗੀਆਂ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।