ਗੁਰਬਿੰਦਰ ਸਿੰਘ ਬਰਾੜ ਨੂੰ ਸਾਊਥ ਵੈਸਟ (ਮਾਲਵਾ ਜੋਨ) ਦੁਬਾਰਾ ਪ੍ਰਧਾਨ ਬਣਨ ਤੇ ਦਿਤੀ ਵਧਾਈ
ਸ੍ਰੀ ਮੁਕਤਸਰ ਸਾਹਿਬ 11 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ ਸੈਂਟਰ, ਬਿਊਟੀ ਪਾਰਲਰ ਸੈਂਟਰ, ਕਪਿਊਟਰ ਸੈਂਟਰ) ਖੋਲ੍ਹੇ ਜਾ ਰਹੇ ਹਨ, ਤਾਂ ਜੋ ਨੌਜਵਾਨ ਅਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ, ਜਿਸ ਦੌਰਾਨ ਸਿਖਲਾਈ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ। ਇਸ ਤੋਂ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਲੜਕੇ ਲੜਕੀਆਂ ਅਪਣੇ ਕੰਮਾਂ ਵਿਚ ਨਿਪੁੰਨ ਹੋ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ-ਪੋਸ਼ਣ ਕਰ ਰਹੇ ਹਨ, ਇਸ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਸਾਹਿਬ ਗਲੀ ਨੰਬਰ 11 ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ 6 ਮਹੀਨਿਆਂ ਦੇ ਮੁਫ਼ਤ ਸਿਲਾਈ ਸਿਖਲਾਈ ਕੋਰਸ ਪੂਰੇ ਹੋਣ ਉਪਰੰਤ 50 ਸਿਖਿਆਰਥੀਆਂ ਦੇ ਫਾਈਨਲ ਪੇਪਰ ਪ੍ਰਿੰਸੀਪਲ ਬਿੰਦਰ ਪਾਲ ਕੌਰ, ਮੈਡਮ ਹਰਿਦਰ ਕੌਰ, ਮੈਡਮ ਮਨਿੰਦਰ ਕੌਰ ਦੀ ਅਗਵਾਈ ਹੇਠ ਲਏ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੂੰ ਦੁਬਾਰਾ ਸਾਊਥ ਵੈਸਟ (ਮਾਲਵਾ ਜੋਨ) ਦਾ ਪ੍ਰਧਾਨ ਬਣਾਉਣ ‘ਤੇ ਡਾਕਟਰ ਐੱਸ.ਪੀ. ਸਿੰਘ ਉਬਰਾਏ ਅਤੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦਾ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਟੀਮ ਵਲੋਂ ਧੰਨਵਾਦ ਵੀ ਕੀਤਾ ਗਿਆ ਅਤੇ ਵਧਾਈ ਵੀ ਦਿੱਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਮੈਡਮ ਰੇਣੂ ਸ਼ਰਮਾ, ਮੈਡਮ ਵੀਰਪਾਲ ਕੌਰ ਆਦਿ ਹਾਜ਼ਰ ਸਨ।