#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਜੇਲ੍ਹ ਵਿਚ ਲਗਾਏ ਮੁਫ਼ਤ ਆਰ ਉ ਸਿਸਟਮ ਦਾ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀਆਂ ਅਤੇ ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਦੇਣ ਲਈ ਆਰ ਉ ਸਿਸਟਮ ਲਗਾਇਆ ਹੋਇਆ ਹੈ, ਜਿਸ ਦਾ ਉਦਘਾਟਨ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਅਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਵਿਚਾਰ ਕੀਤਾ। ਡਾਕਟਰ ਗਗਨਦੀਪ ਕੌਰ ਸੀਨੀਅਰ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਅਤੇ ਵਰੁਣ ਸ਼ਰਮਾ ਪੀ.ਪੀ.ਐੱਸ. ਜ਼ਿਲਾ ਜੇਲ੍ਹ ਸੁਪਰਡੈਂਟ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਜੇਲ੍ਹ ਵਿਚ ਪਹਿਲਾਂ ਵੀ ਆਰ ਉ ਸਿਸਟਮ ਲਗਾਏ ਗਏ ਹਨ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਜੇਲ੍ਹ ਵਿਚ ਆਟੋਮੈਟਿਕ ਆਟਾ ਗੁੰਨ੍ਹਨ ਵਾਲੀ ਮਸ਼ੀਨ ਵੀ ਲਗਾਈ ਗਈ ਹੈ, ਜੇਲ੍ਹ ਅੰਦਰ ਬੰਦੀਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਲਾਇਬ੍ਰੇਰੀ ਵੀ ਚੱਲ ਰਹੀ ਹੈ। ਇਸ ਮੌਕੇ ਜੀਵਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ, ਗੁਰਦਿੱਤ ਸਿੰਘ ਧਾਲੀਵਾਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਸੋਮਨਾਥ ਅਸ਼ੋਕ ਕੁਮਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਜੇਲ੍ਹ ਦਾ ਸਮੁੱਚਾ ਸਟਾਫ ਹਾਜ਼ਰ ਸਨ।