ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਹੁਕਮਾਂ ਅਨੁਸਾਰ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 5 ਸਰਕਾਰੀ ਸਕੂਲਾਂ (ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਲੋਟ, ਸਰਕਾਰੀ ਪ੍ਰਾਇਮਰੀ ਸਕੂਲ ਮੱਲ ਕਟੋਰਾ, ਸਰਕਾਰੀ ਪ੍ਰਾਇਮਰੀ ਸਕੂਲ ਭੰਗਚੜੀ, ਸਰਕਾਰੀ ਪ੍ਰਾਇਮਰੀ ਸਕੂਲ ਚਿੱਬੜਾਂ ਵਾਲੀ, ਸਰਕਾਰੀ ਹਾਈ ਸਕੂਲ ਨੰਦਗੜ੍ਹ) ਵਿਚ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਹੇਠਲਾ ਪਾਣੀ ਬਹੁਤ ਹੀ ਮਾੜਾ ਹੈ, ਜਿਸ ਨੂੰ ਪੀਣ ਉਪਰੰਤ ਲੋਕ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਬੱਚੇ ਵੀ ਧਰਤੀ ਹੇਠਲਾ ਪਾਣੀ ਪੀਣ ਤੋਂ ਬਾਅਦ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਅਤੇ ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲਾਂ ਅਤੇ ਹੋਰ ਜਨਤਕ ਥਾਵਾਂ ‘ਤੇ ਡਾ. ਓਬਰਾਏ ਵਲੋਂ 102 ਦੇ ਕਰੀਬ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਚੁੱਕੇ ਹਨ, ਵੱਖ-ਵੱਖ ਸਕੂਲਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਆਰ.ਓ. ਸਿਸਟਮ ਲਗਾਏ ਜਾਣ ਦੀ ਬੇਨਤੀ ਕੀਤੀ ਗਈ ਸੀ ਅਤੇ ਡਾਕਟਰ ਓਬਰਾਏ ਵਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਤਰੁੰਤ ਪ੍ਰਵਾਨਗੀ ਦਿੱਤੀ ਗਈ, ਆਉਣ ਵਾਲੇ ਕੁੱਝ ਦੇ ਅੰਦਰ-ਅੰਦਰ ਇਹ ਆਰ.ਓ. ਸਿਸਟਮ ਸਕੂਲਾਂ ਵਿਚ ਲਗਾਏ ਜਾਣਗੇ। ਇਸ ਉਪਰੰਤ ਵੱਖ-ਵੱਖ ਸਕੂਲਾਂ ਵੱਲੋਂ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।