ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕੰਪਿਊਟਰ ਸੈਂਟਰ) ਖੋਲ੍ਹ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ, ਤਾਂ ਜੋ ਇਹ ਨੌਜਵਾਨ ਅਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ-ਪੋਸ਼ਣ ਕਰ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਪਿੰਡ ਮਾਹੂਆਣਾ ਵਿਚ ਮੁਫ਼ਤ ਸਿਖਲਾਈ ਸੈਂਟਰ ਖੋਲ੍ਹਿਆ ਗਿਆ ਹੈ, ਜਿਸ ਵਿਚ 35 ਲੜਕੀਆਂ ਨੇ ਦਾਖਲਾ ਲਿਆ ਹੈ ਅਤੇ ਟਰੱਸਟ ਵੱਲੋਂ ਸਿਖਲਾਈ ਦੌਰਾਨ ਕੋਈ ਵੀ ਫੀਸ ਨਹੀਂ ਲਈ ਜਾਂਦੀ। 6 ਮਹੀਨੇ ਦਾ ਕੋਰਸ ਪੂਰਾ ਹੋਣ ਉਪਰੰਤ ਪੇਪਰਾਂ ਤੋਂ ਬਾਅਦ ਆਈ.ਐੱਸ.ਓ. ਸਰਟੀਫਿਕੇਟ ਦਿੱਤੇ ਜਾਂਦੇ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ। ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ। ਇਸ ਮੌਕੇ ਲੜਕੀਆਂ ਦੇ ਪਰਿਵਾਰਾਂ ਵੱਲੋਂ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਲੜਕੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।