#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ 3 ਸਰਕਾਰੀ ਸਕੂਲਾਂ ‘ਚ ਲਗਾਏਗਾ ਮੁਫ਼ਤ ਆਰ.ਉ. ਸਿਸਟਮ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 3 ਸਰਕਾਰੀ ਸਕੂਲਾਂ (ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਹਰਜੀਰਾਮ ਮਲੋਟ, ਸੀਨੀਅਰ ਸੈਕੰਡਰੀ ਸਕੂਲ ਖੋਖਰ) ਵਿਚ ਬੱਚਿਆਂ ਨੂੰ ਸਾਫ ਪਾਣੀ ਪੀਣ ਲਈ ਮੁਫ਼ਤ ਆਰ.ਉ. ਸਿਸਟਮ ਲਗਾਏ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਪੀਣ ਯੋਗ ਨਹੀਂ ਹੈ। ਇਸ ਕਰਕੇ ਬੱਚੇ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਕਿਉਂਕਿ ਬੱਚੇ ਧਰਤੀ ਹੇਠਲਾ ਜ਼ਹਿਰੀਲਾ ਪਾਣੀ ਪੀਣ ਲਈ ਮਜਬੂਰ ਸਨ, ਤਾਂ ਸਕੂਲ ਮੁਖੀਆਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਸੰਪਰਕ ਕਰਕੇ ਡਾਕਟਰ ਐੱਸ.ਪੀ. ਸਿੰਘ ਉਬਰਾਏ ਨੂੰ ਆਰ.ਉ. ਲਗਾਉਣ ਸੰਬੰਧੀ ਬੇਨਤੀ ਕੀਤੀ ਗਈ ਸੀ, ਤਾਂ ਜੋ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ, ਤਾਂ ਡਾਕਟਰ ਉਬਰਾਏ ਵੱਲੋਂ ਤਰੁੰਤ ਪ੍ਰਵਾਨਗੀ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੇ ਕੁੱਝ ਦਿਨਾਂ ਵਿਚ ਸਕੂਲਾਂ ਵਿਚ ਆਰ.ਉ. ਸਿਸਟਮ ਲਗਾਏ ਜਾਣਗੇ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸਕੂਲਾਂ ਅਤੇ ਹੋਰ ਜਨਤਕ ਥਾਵਾਂ ‘ਤੇ 115 ਦੇ ਕਰੀਬ ਮੁਫ਼ਤ ਆਰ.ਉ. ਸਿਸਟਮ ਲਗਾਏ ਜਾ ਚੁੱਕੇ ਹਨ। ਇਸ ਉਪਰੰਤ ਸਕੂਲ ਮੁਖੀਆਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਰ ਸਨ।