ਮੁੰਬਈ, 27 ਅਪ੍ਰੈਲ (ਪੰਜਾਬ ਮੇਲ)- ਇਥੇ ਇਸ ਮਹੀਨੇ ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ‘ਲੁੱਕਆਊਟ ਸਰਕੂਲਰ’ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਪੁਲਿਸ ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ ਵਿਚ ਲੈ ਸਕਦੀ ਹੈ, ਜੋ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੈ ਅਤੇ ਇਸ ਮਾਮਲੇ ਵਿਚ ਉਸ ‘ਤੇ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨੂੰ ਲਾਗੂ ਕਰਨ ਬਾਰੇ ਵੀ ਵਿਚਾਰ ਚੱਲ ਰਿਹਾ ਹੈ। ਅਨਮੋਲ ਬਿਸ਼ਨੋਈ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਜਾਂਚ ਵਿਚ ਉਸ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੁੰਬਈ ਪੁਲੀਸ ਨੇ ਐੱਲ.ਓ.ਸੀ. ਜਾਰੀ ਕੀਤਾ। ਅਨਮੋਲ ਅਤੇ ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ‘ਚ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਨਮੋਲ ਬਿਸ਼ਨੋਈ ਕੈਨੇਡਾ ‘ਚ ਰਹਿੰਦਾ ਹੈ ਅਤੇ ਅਕਸਰ ਅਮਰੀਕਾ ਜਾਂਦਾ ਰਹਿੰਦਾ ਹੈ ਪਰ ਜਿਸ ਖਾਤੇ ਤੋਂ ਉਸ ਨੇ ਫੇਸਬੁੱਕ ‘ਤੇ ਪੋਸਟ ਕੀਤੀ ਸੀ ਅਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ, ਉਸ ਦਾ ਆਈ.ਪੀ. ਪਤਾ ਪੁਰਤਗਾਲ ਦਾ ਹੈ।