ਮੁੰਬਈ, 14 ਮਈ (ਪੰਜਾਬ ਮੇਲ)- ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਸਿਲਸਿਲੇ ਵਿਚ ਮੁੰਬਈ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 34 ਸਾਲਾ ਹਰਪਾਲ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਹਰਿਆਣਾ ਦੇ ਫਤਿਹਾਬਾਦ ਦਾ ਵਸਨੀਕ ਹੈ। ਮੁੰਬਈ ਅਪਰਾਧ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਦੋਸ਼ੀ ਨੂੰ ਉਸ ਦੇ ਗ੍ਰਹਿ ਨਗਰ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹਰਪਾਲ ਨੂੰ ਮੰਗਲਵਾਰ ਤੜਕੇ ਮੁੰਬਈ ਲਿਆਂਦਾ ਗਿਆ ਅਤੇ ਅਦਾਲਤ ‘ਚ ਪੇਸ਼ ਕੀਤਾ ਗਿਆ।
ਮੁੰਬਈ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿਚ ਕੁੱਲ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਹਿਰ ‘ਚ ਬਾਂਦਰਾ ਇਲਾਕੇ ਦੇ ਗੈਲੇਕਸੀ ਅਪਾਰਟਮੈਂਟ ਵਿਚ ਸਥਿਤ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ 14 ਅਪ੍ਰੈਲ ਨੂੰ ਦੋ ਮੋਟਰਸਾਈਕਲ ਸਵਾਰ ਲੋਕਾਂ ਨੇ ਗੋਲੀਆਂ ਚਲਾਈਆਂ ਸਨ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ ਸਨ। ਅਧਿਕਾਰੀ ਨੇ ਦੱਸਿਆ ਕਿ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਅਤੇ ਦੋਸ਼ੀ ਮੁਹੰਮਦ ਰਫੀਕ ਚੌਧਰੀ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਵਿਚ ਹਰਪਾਲ ਦੀ ਸ਼ਮੂਲੀਅਤ ਨੂੰ ਉਜਾਗਰ ਕੀਤਾ ਸੀ।
ਪੁਲਿਸ ਨੇ ਰਫੀਕ ਚੌਧਰੀ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿਚ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਹਰਪਾਲ ਨੇ ਚੌਧਰੀ ਨੂੰ ਸਲਮਾਨ ਖਾਨ ਦੀ ਰਿਹਾਇਸ਼ ਦੇ ਆਲੇ-ਦੁਆਲੇ ‘ਰੇਕੀ’ ਕਰਨ ਲਈ ਕਿਹਾ ਸੀ ਅਤੇ ਇਸ ਕੰਮ ਲਈ ਉਸ ਨੂੰ 2 ਤੋਂ 3 ਲੱਖ ਰੁਪਏ ਵੀ ਦਿੱਤੇ ਸਨ। ਮੌਜੂਦਾ ਸਮੇਂ ਵਿਚ ਗੁਜਰਾਤ ਦੇ ਅਹਿਮਦਾਬਾਦ ਵਿਚ ਸਾਬਰਮਤੀ ਕੇਂਦਰੀ ਜੇਲ੍ਹ ਵਿਚ ਬੰਦ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦਾ ਨਾਂ ਗੋਲੀਬਾਰੀ ਮਾਮਲੇ ਵਿਚ ਸਾਹਮਣੇ ਆਇਆ ਹੈ। ਮੰਨਿਆ ਜਾ ਰਿਹਾ ਹੈ ਕਿ ਅਨਮੋਲ ਅਮਰੀਕਾ ਜਾਂ ਕੈਨੇਡਾ ਵਿਚ ਹੈ।