#PUNJAB

ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਵਿਖੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ। ਉਨ੍ਹਾਂ ਇਹ ਖੁਲਾਸਾ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ-ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਮੀਰੀ-ਪੀਰੀ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਵੱਲੋਂ ਅਗਲੇ ਦਿਨਾਂ ਵਿਚ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖਤ ਅਤੇ ਗੁਰੂ ਘਰ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜੋ ਵੀ ਆਦੇਸ਼ ਕੀਤਾ ਗਿਆ ਹੈ, ਪਾਰਟੀ ਵੱਲੋਂ ਉਸ ਆਦੇਸ਼ ਨੂੰ ਸਮਰਪਿਤ ਹੁੰਦਿਆਂ ਹੋਇਆਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਨਿਮਾਣੇ ਸਿੱਖ ਵਜੋਂ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਹੋਣਗੇ। ਵੇਰਵਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਧਿਰ ਨੇ ਸ੍ਰੀ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਨੂੰ ਸਹਿਜਤਾ ਨਾਲ ਲਿਆ ਹੈ ਅਤੇ ਸਮਰਪਿਤ ਭਾਵਨਾ ਨਾਲ ਅਤੀਤ ਵਿਚ ਹੋਈਆਂ ਗਲਤੀਆਂ ਨੂੰ ਵੀ ਜਾਣੇ-ਅਣਜਾਣੇ ਵਿਚ ਹੋਈਆਂ ਭੁੱਲਾਂ-ਚੁੱਕਾਂ ਵਜੋਂ ਸਵੀਕਾਰ ਕਰਨ ਦੇ ਰੌਂਅ ਵਿਚ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਕਿੰਤੂ-ਪ੍ਰੰਤੂ ਨਹੀਂ ਕਰਨਾ ਚਾਹੁੰਦਾ ਹੈ। ਉਂਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਆਪਣੇ ਤੌਰ ‘ਤੇ ਸ੍ਰੀ ਅਕਾਲ ਤਖਤ ਵਿਖੇ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਦੀ ਅਰਦਾਸ ਕਰ ਚੁੱਕੀ ਹੈ।