#INDIA

ਸ਼ਰਾਬ ਘਪਲਾ ਮਾਮਲਾ: ਅਦਾਲਤ ‘ਚ ਪੇਸ਼ੀ ਤੋਂ ਬਾਅਦ ਸੀ.ਬੀ.ਆਈ. ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 26 ਜੂਨ (ਪੰਜਾਬ ਮੇਲ)- ਸ਼ਰਾਬ ਘੁਟਾਲੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੂੰ ਪੇਸ਼ੀ ਲਈ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸੀ.ਬੀ.ਆਈ. ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਅਦਾਲਤ ਵਿਚ ਕਿਹਾ ਕਿ ਸਾਨੂੰ ਅਰਵਿੰਦ ਕੇਜਰੀਵਾਲ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਹੈ।
ਦੂਜੇ ਪਾਸੇ ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਸੁਣਵਾਈ ਲਈ ਦਿੱਲੀ ਦੀ ਰੌਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਅਦਾਲਤ ਤੋਂ ਕੇਜਰੀਵਾਲ ਦੀ ਹਿਰਾਸਤ ਦੀ ਮੰਗ ਕਰਦਿਆਂ ਕਿਹਾ ਕਿ ਸੀ.ਬੀ.ਆਈ. ਉਸ ਤੋਂ ਪੁੱਛਗਿੱਛ ਕਰਨ ਅਤੇ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ ਹਿਰਾਸਤ ਦੀ ਮੰਗ ਕਰੇਗੀ। ਇਸ ਦੇ ਨਾਲ ਹੀ ਜਾਂਚ ਏਜੰਸੀ ਸੀ.ਬੀ.ਆਈ. ਨੇ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿਚ ਪੁੱਛਗਿੱਛ ਕੀਤੀ ਸੀ ਅਤੇ ਸ਼ਰਾਬ ਘੁਟਾਲੇ ਮਾਮਲੇ ਵਿਚ ਉਨ੍ਹਾਂ ਦੇ ਬਿਆਨ ਦਰਜ ਕੀਤੇ ਸਨ।
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੇ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਹੇਠਲੀ ਅਦਾਲਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀ ਧਾਰਾ 45 ਦੀਆਂ ਦੋ ਸ਼ਰਤਾਂ ਪੂਰੀਆਂ ਕਰਨ ਤੋਂ ਪਹਿਲਾਂ ਘੱਟੋ-ਘੱਟ ਆਪਣੀ ਤਸੱਲੀ ਦਰਜ ਕਰਨੀ ਚਾਹੀਦੀ ਸੀ। ਅਦਾਲਤ ਨੇ ਕਿਹਾ ਕਿ ਛੁੱਟੀ ਵਾਲੇ ਜੱਜ ਨੇ ਈ.ਡੀ. ਦੁਆਰਾ ਪੇਸ਼ ਕੀਤੇ ਗਏ ਮਹੱਤਵਪੂਰਨ ਦਸਤਾਵੇਜ਼ਾਂ ‘ਤੇ ਸਹੀ ਢੰਗ ਨਾਲ ਵਿਚਾਰ ਨਹੀਂ ਕੀਤਾ।