#PUNJAB

ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ!

-ਦਰਜਨਾਂ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਬਾਦਲ ਤੋਂ ਅਸਤੀਫੇ ਦੀ ਮੰਗ
– ‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਦਾ ਆਗਾਜ਼ ਪਹਿਲੀ ਜੁਲਾਈ ਤੋਂ
ਜਲੰਧਰ, 26 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ‘ਚ ਉਦੋਂ ਬਗ਼ਾਵਤ ਸਾਹਮਣੇ ਆਈ, ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ‘ਚ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ। ਪਿੰਡ ਵਡਾਲਾ ‘ਚ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿਚ ਪਾਰਟੀ ਨੂੰ ਬਚਾਉਣ ਲਈ 1 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਛਲੇ ਸਮੇਂ ਵਿਚ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਵੀ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਲਗਾਤਾਰ ਪੰਜ ਵਾਰ ਚੋਣਾਂ ਹਾਰ ਜਾਣ ਕਾਰਨ ਪਾਰਟੀ ਕਾਡਰ ਨੂੰ ਨਿਰਾਸ਼ਾ ਦੇ ਆਲਮ ਵਿਚੋਂ ਕੱਢਣ ਲਈ ਪਾਰਟੀ ਦੀ ਕਮਾਨ ਅਜਿਹੀ ਸ਼ਖਸੀਅਤ ਦੇ ਹੱਥ ਫੜਾਉਣ ਦਾ ਫ਼ੈਸਲਾ ਕੀਤਾ ਗਿਆ, ਜਿਸ ਦੀ ਪੰਥ ਤੇ ਪੰਜਾਬ ਦੇ ਮੁੱਦਿਆਂ ‘ਤੇ ਪੂਰੀ ਪਕੜ ਹੋਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਾਨਾਂਮੱਤਾ ਤੇ ਕੁਰਬਾਨੀਆਂ ਵਾਲਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਭਲਾਈ ਲਈ ਹੋਂਦ ਵਿਚ ਆਇਆ ਸੀ ਅਤੇ ਇਸ ਨੇ ਦੇਸ਼ ਤੇ ਦੁਨੀਆਂ ਵਿਚ ਮਨੁੱਖੀ ਹੱਕਾਂ, ਪੰਥਕ ਮਰਿਆਦਾ ਤੇ ਪੰਥਕ ਹਿੱਤਾਂ ਲਈ ਅਤੇ ਦੇਸ਼ ਵਿਚ ਫੈੱਡਰਲ ਢਾਂਚੇ ਲਈ ਸੰਘਰਸ਼ ਕਰਕੇ ਆਪਣੀ ਪਛਾਣ ਬਣਾਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਪਾਰਟੀ ਲੀਡਰਸ਼ਿਪ ਕੋਲੋਂ ਹੋਈਆਂ ਕਈ ਕੁਤਾਹੀਆਂ ਤੇ ਗ਼ਲਤ ਫੈਸਲਿਆਂ ਕਾਰਨ ਅੱਜ ਪਾਰਟੀ ਅਰਸ਼ ਤੋਂ ਫਰਸ਼ ‘ਤੇ ਆ ਗਈ ਹੈ।
ਇਕੱਤਰਤਾ ਵਿਚ ਪੇਸ਼ ਮਤੇ ਪੜ੍ਹਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪਾਰਟੀ ਵਰਕਰਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮਤਾ ਵੀ ਪਾਸ ਕੀਤਾ ਗਿਆ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਨਾ ਕਰਨ ਦੀ ਨਿੰਦਾ ਕੀਤੀ ਗਈ ਤੇ ਕਮੇਟੀ ਦੀ ਰਿਪੋਰਟ ਇੰਨ-ਬਿੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆ ਰਹੀਆਂ ਚੁਣੌਤੀਆਂ ‘ਤੇ ਪਹਿਰਾ ਦਿੱਤਾ ਜਾਵੇਗਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਤੇ ਮੌਜੂਦਾ ਜਲ ਸੰਕਟ ਦੇ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ, ਪੰਜਾਬ ਵਿਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ। ਮੀਟਿੰਗ ਵਿਚ ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਭਾਈ ਮਨਜੀਤ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਗਗਨਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਸੁੱਚਾ ਸਿੰਘ ਛੋਟੇਪੁਰ, ਚਰਨਜੀਤ ਸਿੰਘ ਬਰਾੜ, ਸਰਵਨ ਸਿੰਘ ਫਿਲੌਰ, ਜਸਟਿਸ ਨਿਰਮਲ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਸੁਖਵਿੰਦਰ ਸਿੰਘ ਔਲਖ, ਕਰਨੈਲ ਸਿੰਘ ਪੰਜੌਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਭੁਪਿੰਦਰ ਸਿੰਘ ਸ਼ੇਖੂਪੁਰ, ਜਸਪਾਲ ਸਿੰਘ ਚੱਠਾ, ਜਰਨੈਲ ਸਿੰਘ ਕਰਤਾਰਪੁਰ, ਸੁਖਵਿੰਦਰ ਸਿੰਘ ਰਾਜਲਾ, ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਹਰਿੰਦਰਪਾਲ ਸਿੰਘ ਟੌਹੜਾ, ਪਰਵਿੰਦਰ ਪਾਲ ਸਿੰਘ (ਸੇਵਾਮੁਕਤ) ਪੀ.ਸੀ.ਐੱਸ. ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ।