#PUNJAB

ਸ਼੍ਰੋਮਣੀ ਅਕਾਲੀ ਦਲ ਨੇ 9 ਮੈਂਬਰੀ ਮੈਨੀਫੈਸਟੋ ਕਮੇਟੀ ਐਲਾਨੀ

ਚੰਡੀਗੜ੍ਹ, 13 ਸਤੰਬਰ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਹੈ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਮੈਨੀਫੈਸਟੋ ਕਮੇਟੀ ਸਮੁੱਚੇ ਪੰਜਾਬ ਦਾ ਦੌਰਾ ਕਰੇਗੀ ਅਤੇ ਵੱਖ ਵੱਖ ਵਰਗਾਂ ਦੇ ਮਸ਼ਵਰੇ ਨਾਲ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਮੈਨੀਫੈਸਟੋ ਕਮੇਟੀ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਬਤੌਰ ਚੇਅਰਮੈਨ ਕਰਨਗੇ, ਜਦੋਂ ਕਿ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਵਜੋਂ ਭੂਮਿਕਾ ਨਿਭਾਉਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਮੈਨੀਫੈਸਟੋ ਕਮੇਟੀ ’ਚ ਬਤੌਰ ਮੈਂਬਰ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਕੀਤੇ ਗਏ ਹਨ। ਪਾਰਟੀ ਦੇ ਵੱਖ-ਵੱਖ ਵਿੰਗਾਂ ਜਿਵੇਂ ਯੂਥ, ਮਹਿਲਾ, ਵਪਾਰ ਅਤੇ ਉਦਯੋਗ, ਕਾਨੂੰਨੀ, ਐੱਸ.ਓ.ਆਈ, ਮੁਲਾਜ਼ਮ ਵਿੰਗ, ਸਾਬਕਾ ਫ਼ੌਜੀ ਅਤੇ ਘੱਟ ਗਿਣਤੀ ਵਿੰਗ ਦੇ ਪ੍ਰਧਾਨ ਇਸ ਕਮੇਟੀ ਵਿੱਚ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਹੋਣਗੇ।

ਮੈਨੀਫੈਸਟੋ ਕਮੇਟੀ ਵੱਲੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਚਾਰ ਚਰਚਾ ਕੀਤਾ ਜਾਵੇਗਾ ਤੇ ਇਨ੍ਹਾਂ ਵਰਗਾਂ ਦੀਆਂ ਉਮੀਦਾਂ, ਚਿੰਤਾਵਾਂ ਅਤੇ ਤਰਜੀਹਾਂ ਨੂੰ ਸਮਝਿਆ ਜਾਵੇਗਾ। ਉਨ੍ਹਾਂ ਦੇ ਵਿਚਾਰ ਅਤੇ ਸੁਝਾਅ 2027 ਲਈ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਦਾ ਇੱਕ ਅਹਿਮ ਆਧਾਰ ਬਣਨਗੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੀਆਂ ਉਮੀਦਾਂ ਦੀ ਝਲਕ ਮਿਲਦੀ ਹੋਵੇ। ਕਾਂਗਰਸ ਪਾਰਟੀ ਵੱਲੋਂ ਪਹਿਲਾਂ ਹੀ ਮੈਨੀਫੈਸਟੋ ਕਮੇਟੀ ਐਲਾਨੀ ਜਾ ਚੁੱਕੀ ਹੈ ਅਤੇ ਸੰਸਦ ਮੈਂਬਰ ਡਾ.ਅਮਰ ਸਿੰਘ ਦੀ ਅਗਵਾਈ ’ਚ ਇਸ ਕਮੇਟੀ ਨੇ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਇਹ ਵੀ ਵਾਅਦਾ ਕਰ ਚੁੱਕਿਆ ਹੈ ਕਿ ਪਾਰਟੀ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਦੇਵੇਗੀ।