ਅੰਮ੍ਰਿਤਸਰ, 1 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਕ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਹੈ, ਜਿਸ ਵਾਸਤੇ ਪਹਿਲਾਂ ਅਕਾਲ ਤਖਤ ਵਿਖੇ ਸਮੂਹ ਅਕਾਲੀ ਲੀਡਰਸ਼ਿਪ ਵੱਲੋਂ ਯਾਤਰਾ ਦੀ ਆਰੰਭਤਾ ਅਤੇ ਸਫਲਤਾ ਵਾਸਤੇ ਅਰਦਾਸ ਕੀਤੀ ਗਈ। ਅਕਾਲ ਤਖਤ ਦੇ ਸਨਮੁੱਖ ਕੀਤੀ ਅਰਦਾਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।