#PUNJAB

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ : ਸ. ਰਘੂਜੀਤ ਸਿੰਘ ਵਿਰਕ

ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਨਿਭਾਉਣਗੇ ਸੇਵਾਵਾਂ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ
ਅੰਮ੍ਰਿਤਸਰ, 7 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਸ਼ਾਮਲ ਹੋਏ।
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੁੜ ਪੈਂਡਿੰਗ ਕਰਨ ਦੇ ਨਾਲ-ਨਾਲ ਕਈ ਹੋਰ ਪੰਥਕ ਮਸਲਿਆਂ ਉੱਤੇ ਵੀ ਫ਼ੈਸਲੇ ਲਏ ਗਏ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਨੇ ਦੱਸਿਆ ਕਿ ਸਿੱਖ ਸੰਸਥਾ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਆਦਿ ਦਾ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ, ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ ਅਤੇ ਉਦੋਂ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ ਕਾਰਜਕਾਰੀ ਜਥੇਦਾਰ ਸੇਵਾਵਾਂ ਨਿਭਾਉਗੇ।
ਸ. ਰਘੂਜੀਤ ਸਿੰਘ ਨੇ ਅੰਤ੍ਰਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਮਤੇ ਦੇ ਹਵਾਲੇ ਨਾਲ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਸਾਜਿਆ ਮੀਰੀ ਪੀਰੀ ਦਾ ਮਹਾਨ ਤਖ਼ਤ ਹੈ ਅਤੇ ਦੁਨੀਆਂ ਭਰ ਵਿਚ ਬੈਠਾ ਹਰ ਸਿੱਖ ਇਸ ਸਿਧਾਂਤ ਨੂੰ ਸਮਰਪਿਤ ਅਤੇ ਨਤਮਸਤਕ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਕੋਸ਼ਿਸ਼ ਰਹੀ ਹੈ ਕਿ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਿਕ ਸਿੱਖ ਸੰਸਥਾਵਾਂ ਦੀ ਸੁਚੱਜੀ ਸੇਵਾ ਸੰਭਾਲ ਕੀਤੀ ਜਾਵੇ, ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ, ਗੁਰੂ ਇਤਿਹਾਸ ਨੂੰ ਦੁਨੀਆ ਭਰ ਵਿਚ ਪ੍ਰਚਾਰਣ ਲਈ ਅਤੇ ਸਮੁੱਚੀ ਮਾਨਵਤਾ ਤੱਕ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ।
ਉਨ੍ਹਾਂ ਆਖਿਆ ਕਿ ਮੀਰੀ ਪੀਰੀ ਦੇ ਮਹਾਨ ਤਖ਼ਤ ਨੂੰ ਸੀਸ ਝੁਕਾਉਂਦਿਆਂ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਸਨਮੁੱਖ ਮੌਜੂਦਾ ਪ੍ਰਸਥਿਤੀਆਂ ਉੱਤੇ ਨਜ਼ਰ ਮਾਰਦਿਆਂ ਇਹ ਇੱਕ ਪ੍ਰਤੱਖ ਨਜ਼ਰੀਆ ਹੈ ਕਿ ਵਿਸ਼ਵੀਕਰਨ ਦੇ ਇਸ ਦੌਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਕੌਮ ਦਾ ਮਾਰਗਦਰਸ਼ਨ ਕਰਨ ਅਤੇ ਸੁਯੋਗ ਅਗਵਾਈ ਦੇਣ ਵਿਚ ਅਸਮਰਥ ਦਿਖਾਈ ਦੇ ਰਹੇ ਹਨ। ਵੱਖ-ਵੱਖ ਸੰਸਥਾਵਾਂ ਵਿਚ ਵਖਰੇਵੇਂ, ਪਾੜੇ ਤੇ ਵੰਡੀਆਂ ਵੱਧ ਰਹੀਆਂ ਹਨ। ਵਿਸ਼ਵ ਭਰ ਵਿਚ ਸਿੱਖ ਪਹਿਚਾਣ ਖ਼ਤਰੇ ਵਿਚ ਹੈ। ਦੇਸ਼ ਭਰ ਵਿਚ ਵੀ ਸਿੱਖ ਸੰਸਥਾਵਾਂ ਦੀ ਹੋਂਦ ਨੂੰ ਖੋਰਾ ਲਾਉਣ ਲਈ ਪੰਥ ਵਿਰੋਧੀ ਸ਼ਕਤੀਆਂ, ਏਜੰਸੀਆਂ ਪੱਬਾਂ ਭਾਰ ਹਨ। ਪਰ ਅਜਿਹੇ ਨਾਜ਼ੁਕ ਸਮੇਂ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਬਜਾਏ ਜਥੇਦਾਰ ਸਾਹਿਬ ਅਜਿਹੇ ਹਾਲਾਤ ਪੈਦਾ ਕਰ ਰਹੇ ਹਨ, ਜਿਸ ਨਾਲ ਪੰਥਕ ਸ਼ਕਤੀ ਖੇਰੂਖੇਰੂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਇੱਕ ਵੱਡੇ ਸਤਿਕਾਰਤ ਅਹੁਦੇ ‘ਤੇ ਬਿਰਾਜਮਾਨ ਹੁੰਦੇ ਹੋਏ ਆਪਣੇ ਹੱਠ ਭਰੇ ਵਿਵਹਾਰ ਕਰਕੇ ਅਤੇ ਆਪਣੇ ਕੀਤੇ ਬਚਨਾਂ ਉੱਤੇ ਨਾ ਖੜ੍ਹਨ ਕਰਕੇ ਅਤੇ ਵਾਰ-ਵਾਰ ਬਿਆਨ ਬਦਲ ਕਿ ਉਨ੍ਹਾਂ ਨੇ ਨਾ ਸਿਰਫ਼ ਹਾਸੋਹੀਣੀ ਸਥਿਤੀ ਪੈਦਾ ਕੀਤੀ ਹੈ, ਬਲਕਿ ਉਨ੍ਹਾਂ ਦੀ ਇਸ ਕਾਰਜਸ਼ੈਲੀ ਨੇ ਜਥੇਦਾਰ ਦੇ ਵਕਾਰੀ ਅਹੁਦੇ ਦੀ ਮਾਣ ਮਰਿਆਦਾ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ। ਅੱਜ ਇਹ ਸਮਝਣਾ ਮੁਸ਼ਕਿਲ ਹੋ ਗਿਆ ਹੈ ਕਿ ਉਨ੍ਹਾਂ ਦੇ ਕਿਹੜੇ ਬਿਆਨ ਉੱਤੇ ਭਰੋਸਾ ਕੀਤਾ ਜਾਵੇ। ਸਥਿਤੀ ਬੇਹੱਦ ਨਿਰਾਸ਼ਾਜਨਕ ਹੈ।
ਸ. ਰਘੂਜੀਤ ਸਿੰਘ ਨੇ ਕਿਹਾ ਕਿ ਸੰਗਤਾਂ ਦੇ ਮਨਾਂ ਵਿਚ ਇਸ ਗੱਲ ਨੂੰ ਲੈ ਕੇ ਵੀ ਭਾਰੀ ਨਿਰਾਸ਼ਾ ਹੈ ਕਿ ਜਥੇਦਾਰ ਸਾਹਿਬ ਵੱਲੋਂ ਦੁਨੀਆਂ ਭਰ ਵਿਚ ਮਰਿਆਦਾ ਤੇ ਪੰਥਕ ਘਾਣ ਦੀਆਂ ਵਾਪਰ ਰਹੀਆਂ ਬੇਹੱਦ ਗੰਭੀਰ ਦਰਦਨਾਕ ਘਟਨਾਵਾਂ ਉੱਪਰ ਖਮੋਸ਼ੀ ਧਾਰ ਲੈਣੀ ਅਤੇ ਬਣਦੇ ਫਰਜ਼ ਅਦਾ ਨਾ ਕਰਨੇ ਵੀ ਜ਼ਿੰਮੇਵਾਰੀ ਤੋਂ ਭੱਜਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆਂ ਕਿ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਕਮੀਆਂ, ਬੇਨਿਯਮੀਆਂ ਤੇ ਮਰਿਆਦਾ ਦੇ ਉਲੰਘਣ ਦੇ ਮੱਦੇਨਜ਼ਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਸੇਵਾਮੁਕਤ ਕੀਤਾ ਜਾਵੇ।
ਇਕੱਤਰਤਾ ਵਿਚ ਓ.ਐੱਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਵੀ ਮੌਜੂਦ ਰਹੇ।