#PUNJAB

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ ਕੀਤੀ

ਕਨੂੰਨੀ ਪਹਿਲੂਆਂ ਨੂੰ ਵਿਚਾਰ ਕੇ ਪੁਖਤਾ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 4  ਜਨਵਰੀ (ਪੰਜਾਬ ਮੇਲ)- ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ’ਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਗਿਆ ਸੀ ਅਤੇ ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਨੂੰਨੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਆਪੀਐੱਸ ਬੀਪੀ ਤੀਵਾੜੀ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰਕੇ ਕਨੂੰਨੀ ਕਾਰਵਾਈ ਕਰੇਗੀ।  ਉਨ੍ਹਾਂ ਸਪਸ਼ਟ ਕਿਹਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।