#Featured

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 556 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 556 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 556 ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾਂ ਗੁਰਬਾਣੀ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ। ਉਨ੍ਹਾਂ ਸਿੱਖ ਕੌਮ ਨੂੰ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕਰਨ ਦੇ ਨਾਲ-ਨਾਲ ਸਿੱਖ ਰਹਿਤ ਮਰਯਾਦਾ ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਜੋ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅਨੰਦਪੁਰੀ, ਭਾਈ ਨਿਰਭੈ ਸਿੰਘ, ਭਾਈ ਭੁਪਿੰਦਰ ਸਿੰਘ ਤੇ ਭਾਈ ਸਿਮਰਪ੍ਰੀਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਪ੍ਰਚਾਰਕ ਭਾਈ ਤਰਸੇਮ ਸਿੰਘ  ਤੇ ਭਾਈ ਹਰਪ੍ਰੀਤ ਸਿੰਘ ਵਡਾਲਾ ਨੇ ਵੀ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਗੁਰਮੀਤ ਸਿੰਘ, ਸ. ਕਰਤਾਰ ਸਿੰਘ, ਸ. ਤਰਸੇਮ ਸਿੰਘ,  ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਜੁਗਰਾਜ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।