#PUNJAB

ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖ਼ਾਲਿਸਤਾਨ ਦਾ ਦੱਸਣ ਵਾਲੇ ਪੁਲਿਸ ਅਧਿਕਾਰੀਆਂ ਤੇ ਚੈਨਲਾਂ ਨੂੰ ਨੋਟਿਸ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੀ ਧਾਮੀ ਨੇ ਦੱਸਿਆ ਕਿ 10 ਮੀਡੀਆ ਅਦਾਰਿਆਂ, ਜਿਨ੍ਹਾਂ ਵਿਚ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ, ਨੂੰ ਇਹ ਨੋਟਿਸ ਭੇਜੇ ਹਨ।  ਆਸਾਮ ਵਿਚ ਡਿਬਰੂਗੜ੍ਹ ਵਿਖੇ ਗਏ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰਾਂ ਦੀ ਟੀਮ ਨੇ ਕੌਮੀ ਸੁਰੱਖਿਆ ਐਕਟ ਹੇਠ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਚਾਰਾਜੋਈ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਸੁਰੱਖਿਆ ਐਕਟ ਹੇਠ ਨੌਂ ਸਿੱਖ ਨੌਜਵਾਨ ਗ੍ਰਿਫ਼ਤਾਰ ਹਨ। ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਖਾਲਸਾ ਸਾਜਨਾ ਦਿਵਸ ਮੌਕੇ ਸਮਾਪਤ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 25 ਲੱਖ ਲੋਕਾਂ ਵੱਲੋਂ ਇਸ ਸਬੰਧੀ ਫਾਰਮਾਂ ‘ਤੇ ਦਸਤਖ਼ਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਤੋਂ ਬਾਅਦ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।

Leave a comment