#PUNJAB

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੇਵਾਵਾਂ ਨਿਰੰਤਰ ਜਾਰੀ

ਸ਼੍ਰੋਮਣੀ ਕਮੇਟੀ ਮੁਲਾਜ਼ਮ ਪੀੜਤਾਂ ਤੱਕ ਪਹੁੰਚ ਕੇ ਕਰ ਰਹੇ ਹਨ ਸੇਵਾ
ਅੰਮ੍ਰਿਤਸਰ, 29 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੇਵਾਵਾਂ ਨਿਰੰਤਰ ਜਾਰੀ ਹਨ। ਪ੍ਰਭਾਵਿਤ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਪੀੜਤਾਂ ਤੱਕ ਪਹੁੰਚ ਕੇ ਹਰ ਸੰਭਵ ਮਦਦ ਦੇਣ ਲਈ ਕਾਰਜਸ਼ੀਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਡੇਰਾ ਬਾਬਾ ਨਾਨਕ, ਰਮਦਾਸ, ਅਜਨਾਲਾ ਆਦਿ ਵਿਚ ਨੇੜਲੇ ਗੁਰਦੁਆਰਾ ਸਾਹਿਬਾਨ ਤੋਂ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਪਾਣੀ ਦਾ ਪੱਧਰ ਵਧਣ ਅਤੇ ਕਈ ਥਾਵਾਂ ਤੋਂ ਦਰਿਆ ਦੇ ਬੰਨ੍ਹ ਟੁੱਟਣ ਕਰਕੇ ਹਾਲਾਤ ਹੋਰ ਵੀ ਖ਼ਰਾਬ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਨੇ ਇਸ ਔਖੇ ਸਮੇਂ ਆਪਣੇ ਪ੍ਰਬੰਧ ਵਾਲੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਲੋਕਾਂ ਦੇ ਸਹਿਯੋਗ ਲਈ ਨਿਰਦੇਸ਼ ਦਿੱਤੇ ਹਨ। ਜਿਥੇ ਸੰਗਤ ਦੀ ਰਹਾਇਸ਼ ਲਈ ਸਰਾਵਾਂ ਤੇ ਲੰਗਰ ਦੇ ਪ੍ਰਬੰਧ ਨਿਰੰਤਰ ਜਾਰੀ ਹਨ, ਉਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੀੜਤਾਂ ਤੱਕ ਮਦਦ ਪਹੁੰਚਾਉਣ ਲਈ ਵੀ ਹਰ ਸੰਭਵ ਯਤਨ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੀ ਲੋਕਾਂ ਤੱਕ ਪੁੱਜ ਕੇ ਉਨ੍ਹਾਂ ਦੀਆਂ ਮੁਸਕਲਾਂ ਨੂੰ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਸ. ਪ੍ਰਤਾਪ ਸਿੰਘ ਨੇ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਕਿ ਲੋੜੀਂਦੀਂਆਂ ਸੇਵਾਵਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਨੇੜਲੇ ਗੁਰਦੁਆਰਾ ਸਾਹਿਬਾਨ ਨਾਲ ਰਾਬਤਾ ਕੀਤਾ ਜਾ ਸਕਦਾ ਹੈ।