ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਿਚ ਅੱਜ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਬਜਟ ਇਜਲਾਸ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕਰਦਿਆਂ ਪਾਸ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਆਰੰਭ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜ਼ਟ ਕੀਤਾ ਪੇਸ਼। ਇਸ ਵਿੱਤੀ ਸਾਲ ਦਾ ਬਜਟ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਵੱਧ ਹੈ। ਪਿਛਲੇ ਵਿੱਤੀ ਸਾਲ ਦੌਰਾਨ ਲਗਪਗ 1386 ਕਰੋੜ ਰੁਪਏ ਦਾ ਬਜਟ ਪਾਸ ਹੋਇਆ ਸੀ। ਇਸ ਸਾਲ ਬਜਟ ਵਿਚ ਪਿਛਲੇ ਸਾਲ ਨਾਲੋਂ 7.28% ਵਾਧਾ ਦਰਜ ਕੀਤਾ ਗਿਆ ਹੈ।
ਬਜਟ ਇਜਲਾਸ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ।
ਬਜਟ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਵੀ ਸ਼ਾਮਲ ਸਨ।
ਇਸ ਦੌਰਾਨ ਜਨਰਲ ਹਾਊਸ ਵਿਚ ਕੁੱਝ ਮਤੇ ਵੀ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿਚ ਜੇਲ੍ਹਾਂ ‘ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ, ਬੇਅਦਬੀਆਂ ਰੋਕਣ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਐਕਟ ਬਾਰੇ ਮੰਗ ਕੀਤੀ ਗਈ ਹੈ ਕਿ ਸਰਕਾਰ ਇਹ ਖਰੜਾ ਪਹਿਲਾਂ ਸੰਗਤ ਦੇ ਸਾਹਮਣੇ ਰੱਖੇ, ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਹੋਂਦ ‘ਤੇ ਹੋ ਰਹੇ ਹਮਲਿਆਂ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸੰਗਤ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ।
ਇਸ ਤੋਂ ਪਹਿਲਾਂ ਇਜਲਾਸ ਵਿਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਣੇਕੇ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਵਧੇਰੇ ਦਿਨਾਂ ਦਾ ਹੋਣਾ ਚਾਹੀਦਾ ਹੈ, ਤਾਂ ਜੋ ਇਸ ਵਿਚ ਵਿਸਥਾਰਪੂਰਵਕ ਬਜਟ ਨੂੰ ਵਿਚਾਰਿਆ ਜਾ ਸਕੇ।
ਸਾਲ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਦਾ ਬਜਟ ਪਾਸ

