ਸਿਆਟਲ, 12 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਹਫਤਾਵਾਰੀ ਦੀਵਾਨ ਸਜਾਏ ਗਏ, ਜਿੱਥੇ ਭਾਈ ਕੁਲਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦਾ ਜਸ ਗਾਇਨ ਕੀਤਾ। ਸਟੇਜ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਗੁਰਪੁਰਬ ਦੀਆਂ ਸੰਗਤ ਨੂੰ ਵਧਾਈਆਂ ਦਿੱਤੀਆਂ।
ਸ੍ਰੀ ਗੁਰੂ ਅਰਜਨ ਦੇਵ ਜੀ ਅੰਮ੍ਰਿਤਸਰ ਸਾਹਿਬ ਜੀ ਦੀ ਸਰੋਵਰ ਦੀ ਸੇਵਾ ਤੋਂ ਖੁਸ਼ ਹੋ ਕੇ ਭਾਈ ਬੇਲੋ ਜੀ ਦੀ ਵਰ ਪ੍ਰਾਪਤ ਕਰਨ ਵਾਲੇ ਭਾਈ ਬੇਲੋ ਜੀ ਦੀ 75ਵੀਂ ਗੱਦੀ ਵਾਰਸ ਭਾਈ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਭਾਈ ਮਨੀ ਸਿੰਘ ਜੀ ਭਰਾਵਾਂ, ਪੁੱਤਰਾਂ ਸਮੇਤ 93 ਪਰਿਵਾਰਕ ਜੀਆਂ ਨੂੰ ਸ਼ਹੀਦ ਕਰ ਦਿੱਤਾ ਅਤੇ ਅਖੀਰ ਭਾਈ ਮਨੀ ਸਿੰਘ ਜੀ ਨੂੰ ਵੀ ਲਾਹੌਰ ਦੇ ਨਖਾਸ ਚੌਂਕ ਵਿਚ ਬੰਦ-ਬੰਦ ਕਟ ਕੇ ਸ਼ਹੀਦ ਕਰ ਦਿੱਤਾ। ਭਾਈ ਪੂਰਨ ਸਿੰਘ ਅਰਸੀ ਦੇ ਕਵੀਸ਼ਰੀ ਜੱਥੇ ਨੇ ਸ਼ਹੀਦੀ ਵਾਰਾਂ ਸੁਣਾ ਕੇ ਸੰਗਤ ‘ਚ ਜੋਸ਼ ਭਰ ਦਿੱਤਾ। ਭਾਈ ਮੋਹਣ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।