ਪਟਿਆਲਾ, 9 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਇੱਥੇ ਬਹੁ ਕਰੋੜੀ ਡਰੱਗਜ਼ ਮਾਮਲੇ ਦੀ ਜਾਂਚ ਲਈ ਵਿਚ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਕਰੀਬ ਡੇਢ ਘੰਟਾ ਪੁੱਛ-ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਮਜੀਠੀਆ ਨੇ ਜਾਂਚ ਵਿਚ ਸਹਿਯੋਗ ਨਹੀਂ ਕੀਤਾ, ਜਿਸ ਕਰਕੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾ ਸਕਦਾ ਹੈ।
ਸਿਟ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਸੱਤ ਵਾਰ ਸਿਟ ਅੱਗੇ ਪੇਸ਼ ਹੋ ਚੁੱਕੇ ਹਨ। ਉਹ ਕਦੇ ਵੀ ਜਾਂਚ ‘ਚੋਂ ਨਹੀਂ ਭੱਜਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਬੋਲਦੇ ਹਨ, ਤਾਂ ਉਹ ਸਿਟ ਨੂੰ ਕਹਿ ਕੇ ਉਨ੍ਹਾਂ ਨੂੰ ਸੰਮਨ ਭੇਜ ਦਿੰਦੇ ਹਨ। ਮਜੀਠੀਆ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨਹੀਂ, ਜੋ ਜਾਂਚ ਤੋਂ ਭੱਜ ਜਾਣਗੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇਣ ਵੇਲੇ ਵਾਰ-ਵਾਰ ਸਿਟ ਅੱਗੇ ਪੇਸ਼ ਹੋਣ ਵਰਗੀ ਕੋਈ ਸ਼ਰਤ ਨਹੀਂ ਲਾਈ ਸੀ ਪਰ ਉਹ ਫਿਰ ਵੀ ਪੇਸ਼ ਹੋ ਰਹੇ ਹਨ। ਉਨ੍ਹਾਂ ਦਾ ਕਾਨੂੰਨ ਵਿਚ ਪੂਰਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਮਹਿਮਾਨ ਬਣਾ ਕੇ ਰੱਖਿਆ। ਹੁਣ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹਿਣਾ ਦਾ ਕੋਈ ਹੱਕ ਨਹੀਂ ਹੈ।