#INDIA #PUNJAB

ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਮਿਲੇਗਾ ਯੂਨੀਕ ਆਈ. ਡੀ. ਕਾਰਡ

ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਨੂੰ ਹੋਰ ਬਿਹਤਰ ਤਰੀਕੇ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਉਣ ਲਈ ਇਕ ਯੂਨੀਕ ਆਈ.ਡੀ. ਕਾਰਡ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧ ‘ਚ ਕੁਝ ਪੀੜਤ ਪਰਿਵਾਰ ਦਿੱਲੀ ਦੀ ਬਿਜਲੀ ਮੰਤਰੀ ਆਤਿਸ਼ੀ ਨੂੰ ਮਿਲੇ ਸਨ, ਜਿਨ੍ਹਾਂ ਸਬੰਧਤ ਵਿਭਾਗਾਂ ਨੂੰ ਖਾਸ ਨਿਰਦੇਸ਼ ਜਾਰੀ ਕੀਤੇ ਹਨ।
ਤਿਲਕ ਨਗਰ ਤੋਂ ‘ਆਪ’ ਦੇ ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਹੁਣ ਇਕ ਯੂਨੀਕ ਆਈ.ਡੀ. ਕਾਰਡ ਮਿਲੇਗਾ ਅਤੇ ਸਕੀਮ ਲਾਗੂ ਹੋਣ ਤੋਂ ਲੈ ਕੇ ਸਰਟੀਫਿਕੇਸ਼ਨ ਹੋਣ ਤੱਕ ਦਾ ਬਿੱਲ ਵੀ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਅਤੇ ਮਾਲੀਆ ਵਿਭਾਗ ਵੱਲੋਂ ਪੀੜਤਾਂ ਦੀ ਕਾਲੋਨੀ ਵਿਚ ਵਿਸ਼ੇਸ਼ ਕੈਂਪ ਲਾਏ ਜਾਣਗੇ, ਤਾਂ ਜੋ ਵਧ ਤੋਂ ਵਧ ਲੋਕਾਂ ਨੂੰ ਇਸ ਸਕੀਮ ਦਾ ਫਾਇਦਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਮਹੀਨੇ ਵਿਚ ਸਰਟੀਫਿਕੇਸ਼ਨ ਦਾ ਕੰਮ ਪੂਰਾ ਕਰ ਦਿੱਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਰਨੈਲ ਸਿੰਘ ਨੇ ਦੱਸਿਆ ਕਿ ਸਿੱਖ ਕਤਲੇਆਮ ਦੇ ਪੀੜਤਾਂ ਦੀ ਪਹਿਲੀ ਪੀੜ੍ਹੀ ਵਿਚੋਂ ਬਹੁਤੇ ਇਸ ਸੰਸਾਰ ਵਿਚ ਨਹੀਂ ਰਹੇ ਤੇ ਅੱਗੇ ਉਨ੍ਹਾਂ ਦੀ ਤੀਜੀ ਪੀੜ੍ਹੀ ਆ ਗਈ ਹੈ। ਇਸ ਕਰਕੇ ਅਸਲ ਪੀੜਤ ਪਰਿਵਾਰਾਂ ਦਾ ਪਤਾ ਲਗਾ ਕੇ ਯੂਨੀਕ ਆਈ.ਡੀ. ਦਿੱਤੀ ਜਾਵੇਗੀ। ਇਸ ਮੌਕੇ ਤਿਲਕ ਨਗਰ ਦੇ ਕਈ ਪੀੜਤ ਪਰਿਵਾਰਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।