ਮਾਨਸਾ, 22 ਮਈ (ਪੰਜਾਬ ਮੇਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਹੋਣ ਤੋਂ ਬਾਅਦ ਪਹਿਲੀ ਪੇਸ਼ੀ ‘ਤੇ ਦੋ ਮੁੱਖ ਸਰਕਾਰੀ ਗਵਾਹ ਸੋਮਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਮਾਨਸਾ ਦੀ ਹੇਠਲੀ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਲਗਭਗ 24 ਮਹੀਨੇ ਬਾਅਦ ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਤੇ ਜੱਗੂ ਸਮੇਤ 27 ਦੋਸ਼ੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਅਦਾਲਤ ਨੇ ਇਸਤਗਾਸਾ ਧਿਰ ਦੇ ਗਵਾਹਾਂ ਦੇ ਬਿਆਨ ਦਰਜ ਕਰਨ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ 20 ਮਈ ਲਈ ਤਲਬ ਕੀਤਾ ਸੀ। ਹਾਲਾਂਕਿ, ਇਸਤਗਾਸਾ ਧਿਰ ਵੱਲੋਂ ਸੂਚੀਬੱਧ ਦੋ ਮੁੱਖ ਗਵਾਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਇਸ ‘ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਇਸਤਗਾਸਾ ਧਿਰ ਦੇ ਗਵਾਹਾਂ ਨੂੰ 5 ਜੁਲਾਈ ਲਈ ਮੁੜ ਸੰਮਨ ਜਾਰੀ ਕਰ ਦਿੱਤੇ ਗਏ ਹਨ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸ.ਆਈ.ਟੀ. (ਸਿਟ) ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਕੈਨੇਡਾ ਸਥਿਤ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 32 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿਚ ਤਿੰਨ ਸਪਲੀਮੈਂਟਰੀ ਚਾਰਜਸ਼ੀਟਾਂ ਸ਼ਾਮਲ ਹਨ। ਐਡਵੋਕੇਟ ਸਤਿੰਦਰਪਾਲ ਸਿੰਘ, ਜੋ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਵਕੀਲ ਹਨ, ਨੇ ਕਿਹਾ ਕਿ ਇਸਤਗਾਸਾ ਪੱਖ ਨੇ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਦੇ ਇੰਟਰਵਿਊਆਂ ਦੀ ਜਾਂਚ ਬਾਰੇ ਪੁਲਿਸ ਤੋਂ ਸਟੇਟਸ ਰਿਪੋਰਟ ਦੀ ਮੰਗ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਗੈਂਗਸਟਰ ਜੱਗੂ ਦੇ ਵਕੀਲ ਨੇ ਜਵਾਬ ਦਾਇਰ ਕੀਤਾ ਹੈ, ਪਰ ਬਿਸ਼ਨੋਈ ਦੇ ਵਕੀਲ ਨੇ ਅਜੇ ਤੱਕ ਕੋਈ ਜਵਾਬ ਦਾਖ਼ਲ ਨਹੀਂ ਕੀਤਾ। ਅਦਾਲਤ ਨੇ ਉਸ ਨੂੰ 5 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।