#PUNJAB

ਸੀਨੀਅਰ ਆਗੂ ਅਨਿਲ ਜੋਸ਼ੀ ਨੇ ਫੜਿਆ ਕਾਂਗਰਸ ਦਾ ਹੱਥ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹੇ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸ ‘ਚ ਸ਼ਾਮਲ ਹੋ ਗਏ।
ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਹਾਲ ਹੀ ਵਿਚ ਦਿੱਲੀ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ।
ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ, 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿਚ ਵਾਪਸ ਆ ਗਏ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜੀਆਂ ਪਰ ਹਾਰ ਗਏ ਸਨ।
ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ ‘ਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ। 2021 ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਕਾਰਨ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿਚ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜੋਸ਼ੀ ਨੇ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵਿਚ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਵੀ ਸੇਵਾ ਨਿਭਾਈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਅਨਿਲ ਜੋਸ਼ੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਪਾਰਟੀ ਦੀ ਸਥਿਤੀ ਮਜ਼ਬੂਤ ਹੋ ਸਕਦੀ ਹੈ।