#PUNJAB

ਸੁਖਬੀਰ ਅਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ‘ਤੇ ਤਲਬ

-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ‘ਤੇ ਪੰਜ ਸਿੰਘ ਸਾਹਿਬਾਨ ਲੈ ਸਕਦੇ ਨੇ ਕੋਈ ਫ਼ੈਸਲਾ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਮੇਲ)- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ‘ਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਅਕਾਲ ਤਖ਼ਤ ਸਕੱਤਰੇਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਸਿੱਖ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ। ਸਕੱਤਰੇਤ ਵੱਲੋਂ ਸਬੰਧਤ ਆਗੂਆਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।