#PUNJAB

ਸੁਖਬੀਰ ਬਾਦਲ ਨੇ ਜੇਲ੍ਹ ‘ਚ ਮਜੀਠੀਆ ਨਾਲ ਕੀਤੀ ਮੁਲਾਕਾਤ

ਨਾਭਾ, 29 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਅੱਜ ਨਾਭਾ ਜੇਲ੍ਹ ‘ਚ ਬੰਦ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮਜੀਠੀਆ ਚੜ੍ਹਦੀ ਕਲਾਂ ‘ਚ ਹਨ ਅਤੇ ਅਕਾਲੀ ਦਲ ਲਈ ਜੇਲ੍ਹਾਂ ਕੁੱਝ ਵੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ‘ਤੇ ਝੂਠੇ ਪਰਚੇ ਪਾਏ ਗਏ ਹਨ, ਜਿਸ ਦੀ ਸਾਨੂੰ ਪਰਵਾਹ ਨਹੀਂ ਹੈ ਪਰ ਉਨ੍ਹਾਂ ਨੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਤੁਸੀਂ ਉਨ੍ਹਾਂ ਦੇ ਕਹਿਣ ‘ਤੇ ਝੂਠੇ ਕੇਸ ਪਾ ਰਹੇ ਹਨ, ਜਿਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਗਾਇਬ ਹੋ ਜਾਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਝੂਠੇ ਕੇਸ ਪਾਉਣ ਵਾਲਿਆਂ ਅਧਿਕਾਰੀਆਂ ਦਾ ਹਿਸਾਬ-ਕਿਤਾਬ ਸਭ ਤੋਂ ਪਹਿਲਾਂ ਕੀਤਾ ਜਾਵੇਗਾ ਅਤੇ ਜਿਨ੍ਹਾਂ-ਜਿਨ੍ਹਾਂ ਅਫ਼ਸਰਾਂ ਨੇ ਇਹ ਕੀਤਾ ਹੈ, ਉਹ ਤਿਆਰ ਰਹਿਣ ਕਿਉਂਕਿ ਝੂਠਾ ਕੇਸ ਬਣਾਉਣਾ ਬਹੁਤ ਵੱਡਾ ਗੁਨਾਹ ਹੈ। ਦੱਸਣਯੋਗ ਹੈ ਕਿ ਤਿੰਨ ਵਾਰ ਦੇ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ ਬੀਤੀ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦਾਂ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ। ਇਸ ਸਮੇਂ ਉਹ ਨਾਭਾ ਜੇਲ੍ਹ ‘ਚ ਬੰਦ ਹਨ।