#PUNJAB

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ/ਲੁਧਿਆਣਾ, 14 ਅਗਸਤ (ਪੰਜਾਬ ਮੇਲ)- ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।
ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ ‘ਤੇ ਅਤੇ ਸੋਸ਼ਲ ਮੀਡੀਆ ‘ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ।
ਬਾਅਦ ਵਿੱਚ, ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

Leave a comment