#PUNJAB

ਸੁਪਰੀਮ ਕੋਰਟ ਤੋਂ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਰਾਹਤ

ਚੰਡੀਗੜ੍ਹ, 13 ਨਵੰਬਰ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ ‘ਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ਵਿਚ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਪਹਿਲਾਂ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਨਾਲ ਰਾਜ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ ‘ਤੇ ਮਾੜਾ ਅਸਰ ਪੈ ਸਕਦਾ ਹੈ। ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ ”ਚਹਿਲ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ ਅਤੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਨਾਲ ਜਾਂਚ ‘ਚ ਰੁਕਾਵਟ ਆ ਸਕਦੀ ਹੈ।”