ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦੁਆਰਾ ਜਾਰੀ ਸੰਮਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਦੋ ਦਿਨ ਪਹਿਲਾਂ ਬੁੱਧਵਾਰ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਉਹ 95 ਸਾਲ ਦੇ ਸਨ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ