#INDIA

ਸੁਪਰੀਮ ਕੋਰਟ ਵੱਲੋਂ ਦਿੱਲੀ ‘ਚ ਪਟਾਕਿਆਂ ‘ਤੇ ਬੈਨ ਹਟਾਉਣ ਤੋਂ ਇਨਕਾਰ

ਕਿਹਾ: ਪਟਾਕੇ ਚਲਾਉਣੇ ਨੇ ਤਾਂ ਕਿਸੇ ਹੋਰ ਸੂਬੇ ‘ਚ ਚਲੇ ਜਾਓ
ਨਵੀਂ ਦਿੱਲੀ, 14 ਸਤੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. ਸਮੇਤ ਕੁਝ ਸੂਬਿਆਂ ‘ਚ ਪਟਾਕਿਆਂ ‘ਤੇ ਪੂਰਨ ਪਾਬੰਦੀ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਐਡਵੋਕੇਟ ਸ਼ਸ਼ਾਂਕ ਸ਼ੇਖਰ ਝਾਅ ਨੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦੀ ਤਰਫੋਂ ਇਹ ਮਾਮਲਾ ਸੁਪਰੀਮ ਕੋਰਟ ਦੇ ਸਾਹਮਣੇ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਦਿੱਲੀ-ਐੱਨ. ਸੀ. ਆਰ. ਵਰਗੇ ਕੁਝ ਰਾਜਾਂ ਨੇ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਥੋਂ ਤੱਕ ਕਿ ਗ੍ਰੀਨ ਪਟਾਕਿਆਂ ਦੀ ਵੀ ਇਜਾਜ਼ਤ ਨਹੀਂ ਹੈ।
ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ, ”ਜੇ ਕੋਈ ਵੀ ਸਰਕਾਰ ਸੂਬੇ ਦੀਆਂ ਸਥਾਨਕ ਸਥਿਤੀਆਂ ਨੂੰ ਧਿਆਨ ‘ਚ ਰੱਖਦੇ ਹੋਏ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾਉਂਦੀ ਹੈ ਤਾਂ ਉਹ ਅਜਿਹਾ ਕਰ ਸਕਦੀ ਹੈ। ਅਦਾਲਤ ਆਪਣੀ ਤਰਫੋਂ ਇਸ ਵਿਚ ਦਖਲ ਨਹੀਂ ਦੇਵੇਗੀ। ਦੀਵਾਲੀ ਮਨਾਉਣ ਦੇ ਹੋਰ ਤਰੀਕੇ ਲੱਭ ਲਓ। ਜੇ ਤੁਸੀਂ ਪਟਾਕੇ ਚਲਾਉਣਾ ਚਾਹੁੰਦੇ ਹੋ, ਤਾਂ ਅਜਿਹੇ ਰਾਜ ਵਿਚ ਜਾਓ ਜਿੱਥੇ ਪਟਾਕਿਆਂ ‘ਤੇ ਪਾਬੰਦੀ ਨਹੀਂ ਹੈ।
ਸੰਸਦ ਮੈਂਬਰ ਅਤੇ ਭਾਜਪਾ ਨੇਤਾ ਮਨੋਜ ਤਿਵਾਰੀ ਨੇ ਦਿੱਲੀ ‘ਚ ਪਟਾਕਿਆਂ ‘ਤੇ ਪੂਰਨ ਪਾਬੰਦੀ ਦੀ ਆਲੋਚਨਾ ਕੀਤੀ ਅਤੇ ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਐੱਮ. ਐੱਮ. ਸੁੰਦਰੇਸ਼ ਦੀ ਬੈਂਚ ਨੂੰ ਦੱਸਿਆ ਕਿ ਅਜਿਹਾ ਗ੍ਰੀਨ ਪਟਾਕਿਆਂ ਲਈ ਅਦਾਲਤ ਦੀ ਮਨਜ਼ੂਰੀ ਦੇ ਬਾਵਜੂਦ ਕੀਤਾ ਗਿਆ। ਮਨੋਜ ਤਿਵਾਰੀ ਦੀ ਪਟੀਸ਼ਨ ‘ਤੇ ਅਦਾਲਤ ਨੇ ਉਨ੍ਹਾਂ ਦੇ ਵਕੀਲ ਨੂੰ ਕਿਹਾ ਕਿ ਲੋਕਾਂ ਦੀ ਸਿਹਤ ਮਹੱਤਵਪੂਰਨ ਹੈ, ਜਿੱਥੇ ਸਰਕਾਰ ਨੇ ਪਟਾਕਿਆਂ ‘ਤੇ ਪਾਬੰਦੀ ਲਗਾਈ ਹੈ, ਇਸ ਦਾ ਮਤਲਬ ਪੂਰੀ ਤਰ੍ਹਾਂ ਪਾਬੰਦੀ ਹੈ।
ਬੈਂਚ ਨੇ ਉੱਤਰ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਨੋਜ ਤਿਵਾਰੀ ਨੂੰ ਕਿਹਾ, ”ਤੁਸੀਂ ਲੋਕਾਂ ਨੂੰ ਸਮਝਾਉਂਦੇ ਹੋ ਕਿ ਉਨ੍ਹਾਂ ਨੂੰ ਪਟਾਕੇ ਨਹੀਂ ਚਲਾਉਣੇ ਚਾਹੀਦੇ। ਚੋਣਾਂ ਤੋਂ ਬਾਅਦ ਜਿੱਤ ਦੇ ਜਸ਼ਨ ਦੌਰਾਨ ਵੀ ਪਟਾਕੇ ਨਹੀਂ ਚਲਾਉਣੇ ਚਾਹੀਦੇ। ਜਿੱਤ ਦਾ ਜਸ਼ਨ ਮਨਾਉਣ ਦੇ ਹੋਰ ਵੀ ਕਈ ਤਰੀਕੇ ਹਨ। ਦੱਸ ਦੇਈਏ ਕਿ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੋਮਵਾਰ (11 ਸਤੰਬਰ) ਨੂੰ ਕਿਹਾ ਕਿ ਸਰਦੀਆਂ ਵਿਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਕਾਰਜ ਯੋਜਨਾ ਦੇ ਹਿੱਸੇ ਵਜੋਂ, ਹਰ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਵਿਕਰੀ, ਸਟੋਰੇਜ ਅਤੇ ਵਰਤੋਂ ‘ਤੇ ਮੁੜ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਰਾਏ ਨੇ ਕਿਹਾ ਕਿ ਦਿੱਲੀ ਪੁਲਿਸ ਨੂੰ ਸ਼ਹਿਰ ਵਿਚ ਇਸ ਪਾਬੰਦੀ ਨੂੰ ਲਾਗੂ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਦਿੱਲੀ ਸਰਕਾਰ ਪਿਛਲੇ ਦੋ ਸਾਲਾਂ ਤੋਂ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾ ਰਹੀ ਹੈ। ਇਹ ਲਗਾਤਾਰ ਤੀਜਾ ਸਾਲ ਹੈ।

Leave a comment