ਸਰਵਉਚ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਮੇਲ)- ਦੇਸ਼ ਦੀ ਸਰਵਉੱਚ ਅਦਾਲਤ ਨੇ ਦੀਵਾਲੀ ਮੌਕੇ ਕੌਮੀ ਰਾਜਧਾਨੀ ਖੇਤਰ ਵਿਚ ਪਟਾਕੇ ਚਲਾਉਣ ‘ਤੇ ਪਾਬੰਦੀਆਂ ਹਟਾਉਣ ਦੇ ਸੰਕੇਤ ਦਿੱਤੇ ਹਨ।
ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਆਪਣਾ ਫੈਸਲਾ ਰਾਖਵਾਂ ਰੱਖਦਿਆਂ ਕਿਹਾ ਕਿ ਉਹ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ‘ਤੇ ਪੂਰਨ ਪਾਬੰਦੀ ਵਿਚ ਢਿੱਲ ਦੇਣ ਬਾਰੇ ਫ਼ੈਸਲਾ ਕਰਨਗੇ। ਬੈਂਚ ਨੇ ਮੰਨਿਆ ਕਿ ਪਾਬੰਦੀਆਂ ਦੇ ਬਾਵਜੂਦ ਕੌਮੀ ਰਾਜਧਾਨੀ ਵਿਚ ਪਟਾਕੇ ਚੱਲਣੇ ਬੰਦ ਨਹੀਂ ਹੋਏ।
ਇਸ ਤੋਂ ਪਹਿਲਾਂ ਦਿੱਲੀ-ਐੱਨ.ਸੀ.ਆਰ. ਅਤੇ ਹਰਿਆਣਾ ਵੱਲੋਂ ਪੇਸ਼ ਹੋਏ ਸੌਲਿਸਿਟਰ ਜਨਰਲ ਆਫ ਇੰਡੀਆ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਪਟਾਕਿਆਂ ‘ਤੇ ਲਾਈਆਂ ਪਾਬੰਦੀਆਂ ਹਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰਾਤ 8 ਵਜੇ ਤੋਂ 10 ਵਜੇ ਤੱਕ ਵਾਤਾਵਰਨ ਪੱਖੀ ਪਟਾਖੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਇਲਾਵਾ ਕ੍ਰਿਸਮਸ, ਨਵੇਂ ਸਾਲ ਦੀ ਪੂਰਵ ਸੰਧਿਆ ਤੇ ਗੁਰਪੁਰਬ ਮੌਕੇ ਵੀ ਇਹ ਛੋਟ ਦਿੱਤੀ ਜਾਵੇ। ਸੌਲਿਸਿਟਰ ਜਨਰਲ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਸਮੇਂ-ਸਮੇਂ ‘ਤੇ ਜਾਂਚ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਮਾਰਕੀਟ ਵਿਚ ਸਿਰਫ ਮਨਜ਼ੂਰਸ਼ੁਦਾ ਵਾਤਾਵਰਨ ਪੱਖੀ ਪਟਾਕੇ ਹੀ ਵੇਚੇ ਜਾਣ। ਐੱਸ.ਜੀ. ਨੇ ਕਿਹਾ ਕਿ ਪ੍ਰਸ਼ਾਸਨ ਨੇ ਸਰਕਾਰ ਇਹ ਯਕੀਨੀ ਬਣਾਏਗੀ ਕਿ ਦੀਵਾਲੀ ਮੌਕੇ ਵਾਤਾਵਰਨ ਦੀ ਸੰਭਾਲ ਲਈ ਪੂਰੇ ਯਤਨ ਕੀਤੇ ਜਾਣ।
ਸੁਪਰੀਮ ਕੋਰਟ ਵੱਲੋਂ ਦਿੱਲੀ ‘ਚ ਦੀਵਾਲੀ ਮੌਕੇ ਪਟਾਕਿਆਂ ‘ਤੇ ਪਾਬੰਦੀ ਹਟਾਉਣ ਦੇ ਸੰਕੇਤ
