ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਕਾਨੂੰਨੀ ਪਾਬੰਦੀ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਅਗਸਟਿਨ ਜਾਰਜ ਮਸੀਹ ਨੇ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ, ”ਇਹ ਨੀਤੀਗਤ ਮਾਮਲਾ ਹੈ। ਤੁਸੀਂ ਸੰਸਦ ਨੂੰ ਕਾਨੂੰਨ ਬਣਾਉਣ ਲਈ ਕਹੋ।” ਬੈਂਚ ਨੇ ਕਿਹਾ, ”ਅਸੀਂ ਮੌਜੂਦਾ ਪਟੀਸ਼ਨ ‘ਤੇ ਵਿਚਾਰ ਕਰਨ ਲਈ ਤਿਆਰ ਨਹੀਂ ਹਾਂ ਕਿਉਂਕਿ ਰਾਹਤ ਨੀਤੀ ਦੇ ਘੇਰੇ ਵਿਚ ਆਉਂਦੀ ਹੈ।”
ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਬੈਂਚ ਨੇ ਪਟੀਸ਼ਨਕਰਤਾ ਨੂੰ ਅਥਾਰਟੀ ਦੇ ਸਾਹਮਣੇ ਪ੍ਰਤੀਨਿਧਤਾ ਕਰਨ ਦੀ ਆਜ਼ਾਦੀ ਦਿੱਤੀ। ਬੈਂਚ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਨੁਮਾਇੰਦਗੀ ਕੀਤੀ ਜਾਂਦੀ ਹੈ, ਤਾਂ ਉਸ ਨੂੰ ਅੱਠ ਹਫ਼ਤਿਆਂ ਦੇ ਅੰਦਰ ਕਾਨੂੰਨ ਅਨੁਸਾਰ ਵਿਚਾਰਿਆ ਜਾਣਾ ਚਾਹੀਦਾ ਹੈ।
‘ਜੇਪ ਫਾਊਂਡੇਸ਼ਨ’ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਸੁਪਰੀਮ ਕੋਰਟ ਤੋਂ ਕੇਂਦਰ ਅਤੇ ਹੋਰ ਨੂੰ ਸੋਸ਼ਲ ਮੀਡੀਆ ਮੰਚ ‘ਤੇ ਬੱਚਿਆਂ ਦੀ ਪਹੁੰਚ ਨੂੰ ਨਿਯਮਿਤ ਕਰਨ ਲਈ ਬਾਇਓਮੈਟਰਿਕ ਪ੍ਰਮਾਣੀਕਰਨ ਵਰਗੀਆਂ ਮਜ਼ਬੂਤ ਉਮਰ ਪਛਾਣ ਪ੍ਰਣਾਲੀਆਂ ਦੀ ਸ਼ੁਰੂਆਤ ਕਰਨ ਦੇ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਸੀ। ਵਕੀਲ ਮੋਹਿਨੀ ਪ੍ਰਿਯਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਬਾਲ ਸੁਰੱਖਿਆ ਨਿਯਮਾਂ ਦਾ ਪਾਲਣ ਨਾ ਕਰਨ ਵਾਲੇ ਸੋਸ਼ਲ ਮੀਡੀਆ ਮੰਚਾਂ ਲਈ ਸਖ਼ਤ ਸਜ਼ਾ ਲਾਗੂ ਕਰਨ ਦੀ ਵੀ ਬੇਨਤੀ ਕੀਤੀ ਗਈ ਸੀ।
ਸੁਪਰੀਮ ਕੋਰਟ ਵੱਲੋਂ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ
