-ਅੰਤਿਮ ਫੈਸਲੇ ਤੱਕ ਐਕਟ ‘ਤੇ ਰੋਕ ਦੀ ਮੰਗ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਕਮੇਟੀ ਨੇ ਕਿਹਾ ਹੈ ਕਿ ਦੋਵਾਂ ਕਮੇਟੀਆਂ ਵਿਚਕਾਰ ਪ੍ਰਸਤਾਵਿਤ ਇਕੱਤਰਤਾ ਤੋਂ ਪਹਿਲਾਂ 14 ਨਵੰਬਰ ਨੂੰ ਪੁੱਛੇ ਗਏ ਦੋ ਅਹਿਮ ਸਵਾਲਾਂ ਦੇ ਸਪੱਸ਼ਟ ਜਵਾਬ ਦਿੱਤੇ ਜਾਣ ਅਤੇ ਦੋਵਾਂ ਵਿਚ ਅੰਤਿਮ ਫੈਸਲਾ ਹੋਣ ਤੱਕ ਸੋਧੇ ਹੋਏ ਐਕਟ (ਨੰਬਰ 7/2026) ਦੇ ਅਮਲ ‘ਤੇ ਤੁਰੰਤ ਮੁਕੰਮਲ ਰੋਕ ਲਗਾਈ ਜਾਵੇ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਬੰਧ ਵਿਚ ਬਣਾਈ ਗਈ ਕਮੇਟੀ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਮਾਹਰਾਂ ਦੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਵਾਸਤੇ 18 ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਸੀ। ਇਸ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਮਾਹਰਾਂ ਦੀ ਕਮੇਟੀ ਨੇ ਬੀਤੇ ਦਿਨੀਂ ਸਰਕਾਰੀ ਕਮੇਟੀ ਨੂੰ ਪੱਤਰ ਭੇਜ ਕੇ ਮੀਟਿੰਗ ਤੋਂ ਪਹਿਲਾਂ ਕੁਝ ਗੱਲਾਂ ਬਾਰੇ ਸਪੱਸ਼ਟੀਕਰਨ ਮੰਗਿਆ ਸੀ।
ਮਿਲੀ ਜਾਣਕਾਰੀ ਦੇ ਮੁਤਾਬਕ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਮਾਹਰਾਂ ਦੀ ਕਮੇਟੀ ਦੀ ਇੱਕ ਵਰਚੁਅਲ ਮੀਟਿੰਗ ਹੋਈ ਹੈ।
ਜਿਸ ਵਿਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸ਼ਾਮਲ ਸਨ। ਮੀਟਿੰਗ ਵਿਚ ਕੋਆਰਡੀਨੇਟਰ ਲਖਵੀਰ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਜਸਕਰਨ ਸਿੰਘ ਮੀਡੀਆ ਸਲਾਹਕਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਸ਼ਾਮਲ ਸਨ।
ਮਾਹਰ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ 16 ਨਵੰਬਰ ਨੂੰ ਉਨ੍ਹਾਂ ਵੱਲੋਂ ਭੇਜੇ ਗਏ ਪੱਤਰ ਵਿਚ ਦਰਸਾਇਆ ਗਿਆ ਪੱਖ ਨਿਰ-ਆਧਾਰ ਹੈ ਅਤੇ ਇਨ੍ਹਾਂ ‘ਤੇ ਮਾਹਰ ਕਮੇਟੀ ਨੇ ਹੈਰਾਨੀ ਪ੍ਰਗਟਾਈ ਹੈ।
ਪੱਤਰ ਵਿਚ ਯਾਦ ਕਰਵਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕਮੇਟੀ ਦੇ ਗਠਨ ਤੋਂ ਪਹਿਲਾਂ ਜਦੋਂ ਸਿੱਖ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਤਾਂ ਉਨ੍ਹਾਂ ਨੇ ਵਿਚਾਰ ਅਧੀਨ ਐਕਟ ਦੀਆਂ ਕਈ ਧਾਰਾਵਾਂ ਬਾਰੇ ਆਪਣੀ ਅਗਿਆਨਤਾ ਪ੍ਰਗਟਾਈ ਸੀ। ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਕਈ ਧਾਰਾਵਾਂ ‘ਤੇ ਗੰਭੀਰ ਖਦਸ਼ੇ ਪ੍ਰਗਟਾਏ ਗਏ ਸਨ ਅਤੇ ਕਿਹਾ ਗਿਆ ਸੀ ਕਿ ਜੇਕਰ ਇਤਰਾਜ਼ਯੋਗ ਧਾਰਾਵਾਂ ਕਾਨੂੰਨ ਅੰਦਰ ਇਸੇ ਰੂਪ ਵਿਚ ਕਾਇਮ ਰਹਿੰਦੀਆਂ ਹਨ, ਤਾਂ ਇਹ ਸੋਧ ਸਿੱਖ ਧਰਮ ਦੇ ਮੂਲ ਸਿਧਾਂਤਾਂ ‘ਤੇ ਸਿੱਧਾ ਹਮਲਾ ਸਮਝੀ ਜਾਵੇਗੀ।
ਮਿਲੀ ਜਾਣਕਾਰੀ ਦੇ ਮੁਤਾਬਕ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਮਾਹਰਾਂ ਦੀ ਕਮੇਟੀ ਸਰਕਾਰ ਦੀ ਤਾਲਮੇਲ ਕਮੇਟੀ ਨਾਲ ਉਸ ਵੇਲੇ ਤੱਕ ਮੀਟਿੰਗ ਨਹੀਂ ਕਰੇਗੀ, ਜਦੋਂ ਤੱਕ ਪਹਿਲਾਂ ਮੰਗੇ ਗਏ ਸਵਾਲਾਂ ਦੇ ਜਵਾਬ ਸਪੱਸ਼ਟ ਨਹੀਂ ਕੀਤੇ ਜਾਂਦੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੇ ਪਾਲਣਾ ਨਾ ਕਰਨ ‘ਤੇ ਮਾਹਿਰ ਕਮੇਟੀ ਸਖਤ ਨਾਰਾਜ਼

