#PUNJAB

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ Amarjit Singh Chawla ਤੇ Granthi Malkit Singh ਨੂੰ ਪੰਥ ’ਚੋਂ ਛੇਕਿਆ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਮੇਲ)-  ਇੱਕ ਬੀਬੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਵਿੱਚ ਘਿਰੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਇਹ ਫ਼ੈਸਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਇਆ ਗਿਆ ਹੈ।

ਇਹ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਆਖਿਆ ਕਿ ਦੋਵੇਂ ਵਿਅਕਤੀ ਧਾਰਮਿਕ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। ਉਨ੍ਹਾਂ ’ਤੇ ਲੱਗੇ ਗੰਭੀਰ ਦੋਸ਼ਾਂ ਦੇ ਕਾਰਨ ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਆਦੇਸ਼ ਕੀਤਾ ਹੈ ਕਿ ਇਹਨਾਂ ਦੇ ਨਾਲ ਕੋਈ ਮੇਲ-ਮਿਲਾਪ ਨਾ ਰੱਖਿਆ ਜਾਵੇ। ਉਨ੍ਹਾਂ ’ਤੇ ਸਿੱਖ ਸੰਸਥਾਵਾਂ ਵਿੱਚ ਕੰਮ ਕਰਨ ’ਤੇ ਵੀ ਰੋਕ ਲਾਈ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਇਸੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿੱਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਆਦੇਸ਼ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਜਾਰੀ ਕੀਤੇ ਗਏ ਸਨ।

ਦੱਸਣਯੋਗ ਹੈ ਕਿ ਦੁਬਈ ਤੋਂ ਆਈ ਇੱਕ ਬੀਬੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ’ਤੇ ਜਬਰ-ਜਨਾਹ ਵਰਗੇ ਗੰਭੀਰ ਦੋਸ਼ ਲਾਏ ਗਏ ਸਨ ਅਤੇ ਇਸ ਮਾਮਲੇ ਵਿੱਚ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ। ਇਸ ਕਾਰਵਾਈ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਹ ਉਸ ਵੇਲੇ ਤੋਂ ਰੂਪੋਸ਼ ਹਨ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਹੋਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖ਼ਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਇਕੱਤਰਤਾ ਵਿੱਚ ਸ਼ਾਮਲ ਸਨ।