ਅੰਮ੍ਰਿਤਸਰ (ਬਿਊਰੋ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ। ਜਿਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ