ਅੰਮ੍ਰਿਤਸਰ, 15 ਨਵੰਬਰ (ਪੰਜਾਬ ਮੇਲ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਵੀ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਦੇਖਣ ਨੂੰ ਮਿਲਿਆ। ਸੰਗਤਾਂ ਅੱਜ ਤੜਕਸਾਰ ਤੋਂ ਹੀ ਗੁਰੂ ਘਰ ਪੁੱਜਣੀਆਂ ਸ਼ੁਰੂ ਹੋ ਗਈਆਂ।
ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।
ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸੁੰਦਰ ਜਲੋਅ ਸਜਾਏ ਗਏ। ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ ‘ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨ ਦਾ ਮੌਕਾ ਮਿਲਿਆ ਹੈ।