ਅੰਮ੍ਰਿਤਸਰ, 8 ਜੂਨ (ਪੰਜਾਬ ਮੇਲ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਦੇ ਮੌਕੇ ‘ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਇਸ ਦੌਰਾਨ ਸੰਗਤਾਂ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਬੇਸ਼ਕੀਮਤੀ ਤੇ ਇਤਿਹਾਸਕ ਵਸਤੂਆਂ ਅਤੇ ਸ਼ਸਤਰਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਗਟਾਵਾ ਹੈ। ਜਥੇਦਾਰ ਨੇ ਸੰਗਤ ਨੂੰ ਗੁਰੂ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਗੁਰੂ ਦੇ ਸਿਧਾਂਤਾਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਜਦੋਂ ਸਾਡੇ ਅੰਦਰ ਬਾਣੀ ਹੋਵੇਗੀ ਅਤੇ ਗੁਰੂ ‘ਤੇ ਭਰੋਸਾ ਹੋਵੇਗਾ ਤਾਂ ਅਸੀਂ ਅੰਦਰੋਂ ਤੇ ਬਾਹਰੋਂ ਤਕੜੇ ਹੋਵਾਂਗੇ।

